ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਅੱਜ ਕੁਝ ਅਹਿਮ ਵਿਧਾਨਿਕ ਕੰਮ-ਕਾਜ ਨਿਪਟਾਉਣ ਲਈ 19 ਦਸੰਬਰ, 2016 (ਸੋਮਵਾਰ) ਨੂੰ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਇਜਲਾਸ ਸੱਦਣ ਦਾ ਫੈਸਲਾ ਲਿਆ ਹੈ।
ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜ਼ਿਲ੍ਹਾ ਰੂਪਨਗਰ ਵਿਚ ਪਿੰਡ ਮੁੰਨੇ (ਨੂਰਪੁਰ ਬੇਦੀ) ਵਿਖੇ ਸਥਿਤ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਖਾਲਸਾ ਗਰਲਜ਼ ਕਾਲਜ ਨੂੰ ਸੂਬਾ ਸਰਕਾਰ ਵੱਲੋਂ ਆਪਣੇ ਅਖਤਿਆਰ ਵਿਚ ਲੈਣ ਲਈ ਉਚੇਰੀ ਸਿੱਖਿਆ ਵਿਭਾਗ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਕੰਢੀ ਖੇਤਰ ਦੀਆਂ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਹਾਸਲ ਹੋਵੇਗੀ।