ਪੰਜਾਬ ‘ਚ ਕੱਲ੍ਹ ਨੂੰ ਪੈਣਗੀਆਂ ਵੋਟਾਂ, ਤਿਆਰੀਆਂ ਮੁਕੰਮਲ

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ-2017 ਲਈ ਭਲਕੇ 4 ਫਰਵਰੀ ਨੂੰ ਮਤਦਾਨ ਹੋਣ ਜਾ ਰਿਹਾ ਹੈ| ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਾਈਆਂ ਜਾ ਸਕਣਗੀਆਂ| ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਵੋਟਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਵੱਖ-ਵੱਖ ਪੋਲਿੰਗ ਬੂਥਾਂ ਲਈ ਜਿਥੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ, ਉਥੇ ਚੋਣਾਂ ਵਿਚ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ| ਜਦੋਂ ਕਿ ਨਸ਼ਿਆਂ ਅਤੇ ਪੈਸੇ ਦੀ ਦੁਰਵਰਤੋਂ ਰੋਕਣ ਲਈ ਪਹਿਲਾਂ ਤੋਂ ਹੀ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ|
ਇਸ ਤੋਂ ਪਹਿਲਾਂ ਇਨ੍ਹਾਂ ਚੋਣਾਂ ਲਈ ਪ੍ਰਚਾਰ ਕੱਲ੍ਹ ਸ਼ਾਮ ਪੰਜ ਵਜੇ ਸਮਾਮਤ ਹੋ ਗਿਆ ਸੀ, ਜਿਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਘਰੋ-ਘਰੀ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ|
ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਉਥੇ ਪ੍ਰਮੁੱਖ ਮੁਕਾਬਲਾ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਮੰਨਿਆ ਜਾ ਰਿਹਾ ਹੈ| ਅਕਾਲੀ-ਭਾਜਪਾ ਗਠਜੋੜ ਵੱਲੋਂ ਜਿਥੇ ਵਿਕਾਸ ਦੇ ਨਾਂਅ ‘ਤੇ ਤੀਸਰੀ ਵਾਰੀ ਸੱਤਾ ਵਿਚ ਆਉਣ ਲਈ ਵੋਟਰਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ, ਉਥੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਖੂਬ ਪ੍ਰਚਾਰ ਕੀਤਾ ਗਿਆ ਹੈ|ਸਿਆਸੀ ਪਾਰਟੀਆਂ ਨੇ ਪ੍ਰਚਾਰ ਲਈ ਇਸ ਵਾਰੀ ਸੋਸ਼ਲ ਮੀਡੀਆ ਦੀ ਵੀ ਕਾਫੀ ਵਰਤੋਂ ਕੀਤੀ| ਪੰਜਾਬ ਵਿਚ ਕੁੱਲ 1145 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 1,97,49,964 ਵੋਟਰ ਕਰਨਗੇ|

LEAVE A REPLY