ਖੁਫੀਆ ਏਜੰਸੀਆਂ ਨੇ ਤਾਂ ਬਣਾ ਦਿੱਤੀ ਕਾਂਗਰਸ ਦੀ ਸਰਕਾਰ

ਚੰਡੀਗੜ੍ਹ : ਬੇਸ਼ੱਕ ਪੰਜਾਬ ਵਿਚ ਨਵੀਂ ਸਰਕਾਰ ਬਣਾਉਣ ਬਾਰੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਪ੍ਰੰਤੂ ਸਰਕਾਰ ਦੇ ਖੁਫੀਆ ਵਿਭਾਗ ਨੇ ਤਾਂ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨ ‘ਤੇ ਮੋਹਰ ਲਗਾ ਦਿੱਤੀ ਹੈ| ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਮੁੱਖ ਮੰਤਰੀ ਵਾਲੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ| ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਗਿਆ ਹੈ| ਇਸ ਸਬੰਧ ਵਿਚ ਜਦੋਂ ਸਾਬਕਾ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਤਾਂ ਵਾਰ-ਵਾਰ ਯਤਨ ਕਰਨ ਨਾਲ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ| ਪਰ ਉਨ੍ਹਾਂ ਦੇ ਨਜਦੀਕੀਆਂ ਨੇ ਜ਼ਰੂਰ ਇਹ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਵਿਚ ਜਰੂਰ ਵਾਧਾ ਕਰ ਦਿੱਤਾ ਗਿਆ ਹੈ|
ਇਹ ਵੀ ਜਾਣਕਾਰੀ ਮਿਲੀ ਹੈ ਕਿ ਖੁਫੀਆ ਏਜੰਸੀਆਂ ਨੇ ਕਾਂਗਰਸ ਨੂੰ 67 ਦੇ ਕਰੀਬ ਸੀਟਾਂ ਮਿਲਣ ਦਾ ਅੰਦਾਜ਼ਾ ਲਾਇਆ ਗਿਆ ਹੈ| ਇਸ ਦੇ ਬਾਵਜੂਦ ਪੰਜਾਬ ਦੀਆਂ ਤਿੰਨ ਪ੍ਰਮੁੱਖ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਆਪੋ-ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਨ| ਅਸਲ ਨਤੀਜਾ ਤਾਂ 11 ਮਾਰਚ ਨੂੰ ਹੀ ਸਾਹਮਣੇ  ਆਵੇਗਾ|

LEAVE A REPLY