ਚੰਡੀਗੜ੍ਹ -ਫਾਜ਼ਿਲਕਾ ਜ਼ਿਲੇ ਦੇ ਪਿੰਡ ਅਮਰਪੁਰਾ ਦੇ ਵਸਨੀਕਾਂ ਵੱਲੋਂ ਪਿੰਡ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ‘ਤੇ ਸਕੂਲ ਦੀ ਵਿਦਿਆਰਥਣ ਨੂੰ ਛੇੜਨ ਦੇ ਲਗਾਏ ਦੋਸ਼ਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪਿੰਡ ਅਮਰਪੁਰਾ ਵਿਖੇ ਵਾਪਰੀ ਘਟਨਾ ਜਿਉਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਈ ਤਾਂ ਉਨ੍ਹਾਂ ਤੁਰੰਤ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਤੇ ਡੀ.ਈ.ਓ. (ਫਾਜ਼ਿਲਕਾ) ਨਾਲ ਗੱਲ ਕਰ ਕੇ ਪੂਰੀ ਰਿਪੋਰਟ ਹਾਸਲ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਫਾਜ਼ਿਲਕਾ ਨਾਲ ਗੱਲ ਕਰ ਕੇ ਡੀ.ਈ.ਓ. ਫਾਜ਼ਿਲਕਾ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿੱਚ ਇਕ ਤਹਿਸੀਲਦਾਰ ਅਤੇ ਇਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਲਾ ਪ੍ਰਿੰਸੀਪਲ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ 24 ਘੰਟਿਆਂ ਅੰਦਰ ਆਪਣੀ ਰਿਪੋਰਟ ਸੌਂਪੇਗੀ। ਜਾਂਚ ਦੌਰਾਨ ਸਬੰਧਤ ਪ੍ਰਿੰਸੀਪਲ ਦਾ ਸਟੇਸ਼ਨ ਸਕੂਲ ਤੋਂ ਬਦਲ ਕੇ ਜ਼ਿਲਾ ਸਿੱਖਿਆ ਦਫਤਰ ਤਬਦੀਲ ਕਰ ਦਿੱਤਾ ਹੈ ਤਾਂ ਜੋ ਕੋਈ ਜਾਂਚ ਰਿਪੋਰਟ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦਾ ਕੋਈ ਵੀ ਦੋਸ਼ ਸਾਬਤ ਹੋਣ ‘ਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।