ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਬਕਾਇਆ ਫੰਡ ਜਲਦ ਹੋਣਗੇ ਜਾਰੀ : ਸਾਧੂ ਸਿੰਘ ਧਰਮਸੋਤ

ਚੰਡੀਗਡ਼ : ਪੰਜਾਬ ਦੇ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪਛਡ਼ੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਕਾਇਆ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।
ਅੱਜ ਇੱਥੇ ਪੰਜਾਬ ਦੀਆਂ ਵੱਖ-ਵੱਖ ਅਨਏਡਿਡ ਕਾਲਜਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਉਨ•ਾਂ ਵਲੋਂ ਪਿਛਲੇ ਦਿਨੀਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਅਤੇ ਪਛਡ਼ੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਕਾਇਆ ਫੰਡ ਜਲਦੀ ਹੀ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਸੀ।
ਇਸ ਤੋਂ ਪਹਿਲਾਂ ਪੰਜਾਬ ਅਨਏਡਿਡ ਕਾਲਜਿਜ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਤੋ ਸੂਬੇ ਦੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਅਧੀਨ ਸਾਲ 2015-16 ਦੇ ਲਈ ਐਸ.ਸੀ. ਵਿਦਿਆਰਥੀਆਂ ਦੇ ਲੰਬਿਤ 350 ਕਰੋਡ਼ ਅਤੇ ਸਾਲ 2016-17 ਦੇ 500 ਕਰੋਡ਼ ਤੋਂ ਵੱਧ ਰਾਸ਼ੀ ਨੂੰ  ਜਲਦ ਜਾਰੀ ਕਰਾਉਣ ਲਈ ਭਲਾਈ ਮੰਤਰੀ ਤੋਂ ਮੰਗ ਕੀਤੀ। ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਕਈ ਸਾਲਾਂ ਤੋ ਪੰਜਾਬ ਦੀ ਓ.ਬੀ.ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਾਸ਼ੀ ਪੂਰੀ ਜਾਰੀ ਨਹੀਂ ਕੀਤੀ ਗਈ ਜਦ ਕਿ ਬਿਹਾਰ, ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਹੋਰ ਸੂਬੇ ਸੰਪੂਰਨ ਟਿਊਸ਼ਨ ਫ਼ੀਸ ਲਗਾਤਾਰ ਰਿਲੀਜ਼ ਕਰ ਰਹੇ ਹਨ। ਉਨ•ਾਂ ਦੱਸਿਆ ਕਿ ਓ.ਬੀ.ਸੀ ਰਾਸ਼ੀ ਰਿਲੀਜ਼ ਨਾ ਹੋਣ ਕਰਕੇ ਕਾਲਜ ਭਾਰੀ ਵਿੱਤੀ ਸੰਕਟ ਵਿੱਚ ਹਨ। ਵੱਖ-ਵੱਖ ਐਸੋਸੀਏਸ਼ਨਾਂ ਦੇ ਇਨ•ਾਂ ਨੁਮਾਇੰਦਿਆਂ ਨੇ ਭਲਾਈ ਮੰਤਰੀ ਨੂੰ ਵਿਸਥਾਰਪੂਰਵਕ ਢੰਗ ਨਾਲ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਦੱਸਿਆ, ਜਿਨ•ਾਂ ਨੂੰ ਸ. ਧਰਮਸੋਤ ਨੇ ਨਿਯਮਾਂ ਅਨੁਸਾਰ ਛੇਤੀ ਤੋਂ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ. ਇੰਦਰਜੀਤ ਸਿੰਘ ਜ਼ੀਰਾ, ਸ. ਦਵਿੰਦਰ ਸਿੰਘ ਘੁਬਾਇਆ, ਐਮ.ਐਲ.ਏ., ਫਾਜ਼ਿਲਕਾ, ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਚਰਨਜੀਤ ਸਿੰਘ ਵਾਲੀਆ, ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ, ਪੰਜਾਬ ਡੈਂਟਲ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਲੈਫ਼. ਕਰਨਲ ਜੀ.ਐਸ. ਸੰਧੂ ਅਤੇ  ਬੀ.ਐੱਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਜਸਨੀਕ ਸਿੰਘ ਆਦਿ ਹਾਜ਼ਰ ਸਨ।