ਸੁਨੀਲ ਜਾਖਡ਼ ਵੱਲੋਂ ਕੁਰਕੀ ਖਤਮ ਕਰਨ ਦੇ ਫੈਸਲੇ ਦਾ ਸੁਆਗਤ

ਚੰਡੀਗਡ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖਡ਼ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਕੁਰਕੀ’ਖਤਮ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਆਖਿਆ ਕਿ ਇਸ ਕਦਮ ਨਾਲ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਕਦਮ ਨੂੰ ਕਰਜ਼ੇ ਦੇ ਸੰਕਟ ਦਾ ਸਾਹਮਣਾ ਕਰ ਰਹੇ ਸੂਬੇ ਦੇ ਕਿਸਾਨਾਂ ਦੀ ਸਾਰ ਲੈਣ ਲਈ ਕਾਂਗਰਸ ਸਰਕਾਰ ਵੱਲੋਂ ਲਏ ਕਿਸਾਨ ਪੱਖੀ ਫੈਸਲਿਆਂ ਦੀ ਲਡ਼ੀ ਦਾ ਹਿੱਸਾ ਦੱਸਦਿਆਂ ਸ੍ਰੀ ਜਾਖਡ਼ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਸ ਨਾਲ ਕਿਸਾਨਾਂ ਨੂੰ ਕਰਜ਼ੇ ਦੇ ਇਵਜ਼ ਵਿੱਚ ਆਪਣੀ ਜ਼ਮੀਨ ਦੀ ਨਿਲਾਮੀ ਹੋਣ ਤੋਂ ਰਾਹਤ ਮਿਲੇਗੀ।
ਸ੍ਰੀ ਜਾਖਡ਼ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਹਿਕਾਰੀ ਸਭਾਵਾਂ ਐਕਟ 1961 ਦੀ ਧਾਰਾ 67-ਏ ਨੂੰ ਖਤਮ ਕਰਕੇ ਸੂਬੇ ਦੇ ਕਿਸਾਨਾਂ ਦੀ ਬਹੁਤ ਵੱਡੀ ਸੇਵਾ ਕੀਤੀ ਅਤੇ ਇਸ ਦਲੇਰਾਨਾ ਫੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨਾਂ ਪ੍ਰਤੀ ਸਮਰਪਣ ਭਾਵਨਾ ਅਤੇ ਮਜ਼ਬੂਤ ਇੱਛਾ ਸ਼ਕਤੀ ਦਾ ਵੀ ਪ੍ਰਗਟਾਵਾ ਹੁੰਦਾ ਹੈ।
ਉਨਾਂ ਆਖਿਆ ਕਿ ਸਮੂਹ ਸਿਆਸੀ ਪਾਰਟੀਆਂ ਖਾਸ ਕਰਕੇ ਕਿਸਾਨ ਪੱਖੀ ਹੋਣ ਦਾ ਦਾਅਵਾ ਕਰਨ ਵਾਲੀਆਂ ਪਾਰਟੀਆਂ ਨੂੰ ਕੁਰਕੀ ਖਤਮ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਦਾ ਸੁਆਗਤ ਕਰਨਾ ਚਾਹੀਦਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਛੇਤੀ ਹੀ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕਰਕੇ ਕਾਂਗਰਸ ਪਾਰਟੀ ਦੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰੇਗੀ ਅਤੇ ਇਹ ਫੈਸਲਾ ਖੇਤੀ ਸੈਕਟਰ ਵਿੱਚ ਰਾਹਤ ਪ੍ਰਦਾਨ ਕਰਨ ਲਈ ਬਹੁਤ ਵੱਡਾ ਕਦਮ ਸਿੱਧ ਹੋਵੇਗਾ। ਉਨਾਂ ਆਖਿਆ ਕਿ ਖੇਤੀ ਲਾਗਤ ਕਮਿਸ਼ਨ ਦੇ ਸਾਬਕਾ ਮੁਖੀ ਸ੍ਰੀ ਟੀ ਹੱਕ ਦੀ ਅਗਵਾਈ ਵਿੱਚ ਕਾਇਮ ਕੀਤੇ ਕਮਿਸ਼ਨ ਵਲੋਂ ਖੇਤੀ ਕਰਜ਼ੇ ਦੇ ਅੰਕਡ਼ਿਆਂ ਬਾਰੇ ਅਨੁਮਾਨ ਲਾਉਣ ਲਈ ਕੰਮ ਕੀਤਾ ਜਾ ਰਿਹਾ ਹੈ।
ਮੁਲਕ ਨੂੰ ਅਨਾਜ ਦੀ ਪੈਦਾਵਾਰ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਸ੍ਰੀ ਜਾਖਡ਼ ਨੇ ਆਖਿਆ ਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨਾਂ ਨੇ ਕਿਸਾਨਾਂ ਨੂੰ ਖੁਦਕੁਸ਼ੀ ਵਰਗਾ ਕਦਮ ਨਾ ਪੁੱਟਣ ਦੀ ਅਪੀਲ ਕੀਤੀ ਹੈ।
ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੁਰਪ੍ਰਬੰਧਾਂ ਕਰਕੇ ਕਰਜ਼ੇ ਦੇ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਬਾਂਹ ਫਡ਼ਨ ਲਈ ਆਪਣੀ ਪਾਰਟੀ ਦੀ ਦਿ੍ਰਡ਼ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਜਾਖਡ਼ ਨੇ ਭਰੋਸਾ ਦਵਾਇਆ ਕਿ ਉਨਾਂ ਦੀ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਇਕਜੁਟ ਹੋ ਕੇ ਕੰਮ ਕਰਨਗੀਆਂ। ਉਨਾਂ ਆਖਿਆ ਕਿ ਪਾਰਟੀ ਸਰਕਾਰ ਲੋਕਾਂ ਅਤੇ ਸਰਕਾਰ ਵਿੱਚ ਇੱਕ ਕਡ਼ੀ ਵਜੋਂ ਕੰਮ ਕਰੇਗੀ।
ਖੇਤੀਬਾਡ਼ੀ ਵਿੱਚ ਬਦਲ ਰਹੇ ਰੁਝਾਨ ਅਤੇ ਕਿਸਾਨੀ ਨੂੰ ਮੁਨਾਫਾਯੋਗ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਲੋਡ਼ ’ਤੇ ਜ਼ੋਰ ਦਿੰਦਿਆਂ ਸ੍ਰੀ ਜਾਖਡ਼ ਨੇ ਆਖਿਆ ਕਿ ਸਰਕਾਰ ਵੱਲੋਂ ਜੰਗੀ ਪੱਧਰ ’ਤੇ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਦੀ ਲੋਡ਼ ਹੈ ਕਿਉਂਕਿ ਕਣਕ-ਝੋਨੇ ਦੇ ਫਸਲੀ ਚੱਕਰ ਬਦਲਣਾ ਜ਼ਰੂਰੀ ਹੋ ਗਿਆ ਹੈ। ਉਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਵੱਲੋਂ ਝੋਨੇ ਹੇਠਲਾ ਰਕਬਾ ਘਟਾਉਣ ਅਤੇ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਨੂੰ ਉਤਸ਼ਾਹਤ ਕਰਨ ਵਾਲੀ ਨੀਤੀ ਲਿਆਂਦੀ ਜਾਵੇ।
ਸ੍ਰੀ ਜਾਖਡ਼ ਨੇ ਸਰਕਾਰ ਨੂੰ ਵੱਧ ਆਮਦਨ ਵਾਲੀਆਂ ਫਸਲਾਂ ਦਾ ਉਤਪਾਦਨ ਸ਼ੁਰੂ ਕਰਨ ਲਈ ਕਿਸਾਨਾਂ ਨੂੰ ਜਾਣਕਾਰੀ ਦੇਣ ਵਾਸਤੇ ਇਕ ਵਿਆਪਕ ਰੂਪ ਰੇਖਾ ਉਲੀਕਣ ਦੀ ਅਪੀਲ ਕੀਤੀ ।