ਕੈਪਟਨ ਅਮਰਿੰਦਰ ਨੇ ਮੋਦੀ ਅਤੇ ਜੇਤਲੀ ਨਾਲ ਕੀਤੀ ਮੁਲਾਕਾਤ

ਕਰਜ਼ਾ ਵੱਧ ਵਧਾਉਣ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਹੈ। ਤਾਂ ਜੋ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਨਵੀਂ ਦਿੱਲੀ ਵਿਚ ਵੱਖ-ਵੱਖ ਮੀਟਿੰਗਾਂ ਦੌਰਾਨ ਕੈਪਟਨ ਨੇ ਪੰਜਾਬ ਦੇ ਵਿੱਤੀ ਸੰਕਟ ਦੀ ਸਹਾਇਤਾ ਲਈ ਇਨ੍ਹਾਂ ਕਦਮਾਂ ‘ਤੇ ਫੌਰੀ ਗੌਰ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ 10,000 ਕਰੋੜ ਰੁਪਏ ਤੱਕ ਕਰਜ਼ਾ ਹੱਦ ਵਧਾਉਣ ਲਈ ਆਖਿਆ ਜੋ ਸੂਬਾ ਸਰਕਾਰ ਲਈ ਕਰਜ਼ਾ ਮੁਆਫੀ/ਰਾਹਤ ਸਕੀਮ ਵਾਸਤੇ ਹੋਰ ਕਰਜ਼ਾ ਲੈਣ ਲਈ ਸਹਾਈ ਹੋਵੇਗਾ। ਇਸ ਦਾ ਮਕਸਦ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਸਹਾਇਤਾ ਕਰਨਾ ਹੈ ਕਿਉਂ ਜੋ ਘੋਰ ਬੇਚੈਨੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਕਿਸਾਨ ਖੁਦਕੁਸ਼ੀ ਵਰਗਾ ਰਾਹ ਅਪਣਾ ਰਹੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ਵਿੱਚੋਂ ਕੱਢਣ ਲਈ ਸੂਬੇ ਦੀ ਮਦਦ ਵਾਸਤੇ ਕੇਂਦਰ ਸਰਕਾਰ ਹਾਂ-ਪੱਖੀ ਹੁੰਗਾਰਾ ਭਰੇਗੀ। ਕੇਂਦਰੀ ਵਿੱਤ ਮੰਤਰੀ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੁਝ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।