ਭਾਜਪਾ ਆਗੂ ਨੇ ਕਿਹਾ, ਮੇਰੇ ਪੁੱਤਰ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਵੇ

ਨਵੀਂ ਦਿੱਲੀ : ਚੰਡੀਗੜ੍ਹ ‘ਚ ਆਈਏਐਸ ਅਫਸਰ ਦੀ ਧੀ ਨਾਲ ਭਾਜਪਾ ਆਗੂ ਦੇ ਪੁੱਤਰ ਵਲੋਂ ਕੀਤੀ ਛੇੜਛਾੜ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਨੂੰ ਜਾਂਚ ਕਰਨ ਦੀ ਖੁੱਲ੍ਹੀ ਛੋਟ ਦੇਣੀ ਚਾਹੀਦੀ ਹੈ ਨਾ ਕਿ ਦਬਾਅ ਬਣਾਉਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਇਸ ਘਟਨਾ ਦੇ ਕਸੂਰਵਾਰਾਂ ਜਿਨ੍ਹਾਂ ਵਿੱਚ ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦਾ ਪੁੱਤਰ ਵੀ ਸ਼ਾਮਲ ਹੈ, ਖਿਲਾਫ਼ ਦੋਸ਼ ਘਟਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਸਹਿਣ ਨਾ ਕੀਤੀ ਜਾਵੇ। ਦੂਜੇ ਪਾਸੇ ਸੁਭਾਸ਼ ਬਰਾਲਾ ਦਾ ਕਹਿਣਾ ਹੈ ਕਿ ਮੇਰੇ ਪੁੱਤਰ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ। ਬਰਾਲਾ ਨੇ ਇਹ ਵੀ ਕਿਹਾ ਕਿ ਪੀੜਤ ਲੜਕੀ ਮੇਰੀ ਲੜਕੀ ਦੇ ਬਰਾਬਰ ਹੈ। ਇਸੇ ਦੌਰਾਨ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਵੀ ਛੇੜਛਾੜ ਦੀ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ ਅਤੇ ਪੀੜਤ ਲੜਕੀ ਦੇ ਹੱਕ ਵਿਚ ਆਵਾਜ਼ ਉਠਾਈ ਹੈ।