ਕੈਪਟਨ ਅਮਰਿੰਦਰ ਮਿਲੇ ਮੋਦੀ ਨੂੰ, ਕਰਜ਼ਾ ਮੁਆਫੀ ਸਕੀਮ ਲਈ ਹਮਾਇਤ ਮੰਗੀ

ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੰਗਲਵਾਰ ਨੂੰ ਮਿਲ ਕੇ ਉਨ੍ਹਾਂ ਦਾ ਸਮਰਥਨ ਮੰਗਿਆ। ਮੁੱਖ ਮੰਤਰੀ ਨੇ ਮੋਦੀ ਨੂੰ ਫਿਸਕਲ ਰਿਸਪਾਂਸੀਬਿਲਟੀ ਐਂਡ ਬਜਟ ਮੈਨੇਜਮੈਂਟ ਐਕਟ 2003 ‘ਚ ਰਾਹਤ ਦੇਣ ਅਤੇ ਪੰਜਾਬ ਸਰਕਾਰ ਨੂੰ ਖੇਤੀ ਕਰਜ਼ਾ ਮੁਆਫੀ ਲਈ ਕਰਜ਼ਾ ਲੈਣ ਦੀ ਹੱਦ ਨੂੰ ਵਧਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਠੀਕ ਨਹੀਂ ਹੈ, ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੀ ਕਰਜ਼ਾ ਲੈਣ ਦੀ ਹੱਦ ‘ਚ 10,000 ਕਰੋੜ ਰੁਪਏ ਦਾ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਉਹ ਬਾਜ਼ਾਰ ਤੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਵਾਧੂ ਧਨ ਰਾਸ਼ੀ ਜੁਟਾ ਸਕੇ। ਕਿਸਾਨ ਪਹਿਲਾਂ ਹੀ ਕਰਜ਼ਿਆਂ ਦੇ ਜੰਜਾਲ ‘ਚ ਬੁਰੀ ਤਰ੍ਹਾਂ ਫਸੇ ਹੋਏ ਹਨ ਅਤੇ ਇਸ ਕਾਰਨ ਉਹ ਆਤਮ-ਹੱਤਿਆਵਾਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਕੇਂਦਰ ਦੀ ਮਦਦ ਇਸ ਮਾਮਲੇ ‘ਚ ਜ਼ਰੂਰੀ ਹੈ। ਉਨ੍ਹਾਂ ਨੇ ਮੋਦੀ ਨੂੰ ਕਿਹਾ ਕਿ ਉਹ ਖੁਦ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਮਦਦ ਕਰਨ ਦਾ ਐਲਾਨ ਕਰ ਚੁੱਕੇ ਹਨ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਕੈਪਟਨ ਨੇ ਮੋਦੀ ਨੂੰ ਦੱਸਿਆ ਕਿ ਕਾਂਗਰਸ ਸਰਕਾਰ ਨੇ ਸੂਬੇ ‘ਚ ਛੋਟੇ ਅਤੇ ਸਰਹੱਦੀ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਹੋਇਆ ਹੈ। ਸਰਕਾਰ ਨੇ ਆਤਮ-ਹੱਤਿਆਵਾਂ ਕਰ ਰਹੇ ਕਿਸਾਨਾਂ ਦੀ ਮਦਦ ਦਾ ਬੀੜਾ ਚੁੱਕਿਆ ਹੈ।