ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦਾ ਮਾਮਲਾ ਅਕਾਲ ਤਖਤ ਸਾਹਿਬ ‘ਤੇ ਪੁੱਜਾ

ਅੰਮ੍ਰਿਤਸਰ – ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਸ਼ੰਭ ਦੀ ਮੰਦਭਾਗੀ ਘਟਨਾ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੁੱਜ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਆਦੇਸ਼ ਦੇ ਕੇ ਮਾਮਲੇ ਦੀ ਰਿਪੋਰਟ ਮੰਗ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 10 ਦੇ ਕਰੀਬ ਮੈਂਬਰਾਂ ਦੇ ਵਫਦ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਧਿਆਨ ਵਿਚ ਲਿਆਂਦਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੇਵਾ ਸਿੰਘ ਸੇਖਵਾ, ਸੱਜਣ ਸਿੰਘ ਬੱਜੂਮਾਨ, ਗੁਰਨਾਮ ਸਿੰਘ, ਗੁਰਿੰਦਰ ਸਿੰਘ ਗੋਰਾ, ਜਸਬੀਰ ਕੌਰ ਅਤੇ ਹੋਰ ਮੈਂਬਰਾਂ ਦੇ ਦਸਤਖਤਾਂ ਹੇਠ ਦਿੱਤੀ ਗਈ ਦਰਖਾਸਤ ਵਿਚ 11 ਅਗਸਤ 2017 ਦੀ ਰਾਤ ਨੂੰ ਜੋ ਕੁਝ ਗੁਰਦੁਆਰਾ ਵਿਚ ਹੋਇਆ, ਨੂੰ ਇੰਨ-ਬਿੰਨ ਦੱਸਿਆ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਸਿੰਘ ਸੇਖਵਾ ਨੇ ਦੱਸਿਆ ਕਿ ਉਹ ਪਹਿਲਾਂ ਗੁਰਦੁਆਰਾ ਸਾਹਿਬ ‘ਚ ਹੋਈਆਂ ਕੁਝ ਘਟਨਾਵਾਂ ਨੂੰ ਲੈ ਕੇ ਚੁੱਪ ਸਨ ਪਰ ਹੁਣ ਸਭ ਹੱਦਾਂ ਬੰਨ੍ਹੇ ਹੀ ਟੱਪੇ ਜਾ ਚੁੱਕੇ ਸਨ, ਜਿਸ ਦੇ ਨਾਲ ਗੁਰਦੁਆਰਾ ਸਾਹਿਬ ਦੀ ਸ਼ਾਨ ਨੂੰ ਵੱਡੇ ਪੱਧਰ ‘ਤੇ ਠੇਸ ਪੁੱਜ ਰਹੀ ਸੀ। ਉਨ੍ਹਾਂ ਨੇ ਘਟਨਾ ਦਾ ਵੇਰਵਾ ਦੱਸਦਿਆਂ ਕਿਹਾ ਕਿ ਉਹ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਕਮੇਟੀ ਦੇ ਮੁਲਾਜ਼ਮਾਂ ਖਿਲਾਫ ਪੰਥਕ ਮਰਿਆਦਾਵਾਂ ਦੇ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਤੁਰੰਤ ਆਪਣੇ ਹੱਥਾਂ ਵਿਚ ਲੈ ਲਵੇ ਤਾਂ ਜੋ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਮਾਣ-ਮਰਿਆਦਾਵਾਂ ਅਨੁਸਾਰ ਚਲਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜਿਸ ਦੇ ਤਰ੍ਹਾਂ ਹਾਲਾਤ ਗੁਰਦੁਆਰਾ ਸਾਹਿਬ ਦੇ ਅੰਦਰ ਲੋਕਲ ਕਮੇਟੀ ਵੱਲੋਂ ਬਣਾ ਦਿੱਤੇ ਗਏ ਹਨ, ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ। ਉਨ੍ਹਾਂ ਨੇ ਕਮੇਟੀ ਦੇ ਕੁਝ ਮੈਂਬਰਾਂ ਅਤੇ ਇਕ ਔਰਤ ਦਾ ਨਾਂ ਲੈਂਦਿਆਂ ਦੱਸਿਆ ਕਿ ਇਸ ਸਬੰਧੀ 11 ਅਗਸਤ 2017 ਦੀ ਰਾਤ ਨੂੰ ਜੋ ਕੁਝ ਹੋਇਆ, ਨੂੰ ਪੁਲਸ ਦੇ ਧਿਆਨ ਵਿਚ ਵੀ ਲਿਆਂਦਾ ਗਿਆ। ਇਤਰਾਜ਼ਯੋਗ ਹਾਲਤ ਵਿਚ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਵੱਲੋਂ ਲਿਖਤੀ ਤੌਰ ‘ਤੇ ਆਪਣੇ ਗੁਨਾਹ ਨੂੰ ਕਬੂਲਿਆ ਵੀ ਗਿਆ ਜਿਸ ਦੀਆਂ ਕਾਪੀਆਂ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਪੈਸੇ ਲੈ ਕੇ ਕੇਸ ਖੁਰਦ-ਬੁਰਦ ਕਰ ਦਿੱਤਾ ਹੈ। ਕਾਨੂੰਨ ਅਨੁਸਾਰ ਕਾਰਵਾਈ ਨਾ ਕਰ ਕੇ ਪੁਲਸ ਨੇ ਜਿਥੇ ਆਪਣੀ ਗੈਰ-ਜ਼ਿੰਮੇਵਾਰੀ ਨਿਭਾਈ ਹੈ ਉਥੇ ਲੋਕਲ ਕਮੇਟੀ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੇ ਕਮੇਟੀ ਦੇ ਪ੍ਰਧਾਨ ‘ਤੇ ਵੀ ਗੰਭੀਰ ਦੋਸ਼ ਲਗਾਏ ਪਰ ਫਿਰ ਵੀ ਪੁਲਸ ਨੇ ਕੋਈ ਬਣਦੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੂਰਨ ਭਰੋਸਾ ਦਿੱਤਾ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਮਾਣ ਮਰਿਆਦਾ ਅਤੇ ਨਿਯਮਾਂ ਦੇ ਅਨੁਸਾਰ ਦੋਸ਼ੀਆਂ ਨੂੰ ਬਖਸ਼ਣਗੇ ਨਹੀਂ।