ਮਾਮਲਾ ਗੁਰਦੁਆਰਾ ਛੋਟਾ ਘੱਲੂਘਾਰੇ ਦਾ : ਪ੍ਰਤਾਪ ਬਾਜਵਾ ਨੂੰ ਕਲੀਨ ਚਿੱਟ

ਅੰਮ੍ਰਿਤਸਰ – ਸਰਬੱਤ ਖਾਲਸਾ ਧਿਰ ਦੇ ਜਥੇਦਾਰਾਂ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਕਾਨੂੰਵਾਲ ਦੇ ਮਾਮਲੇ ‘ਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਜਿਥੇ ਕਲੀਨ ਚਿੱਟ ਦੇ ਦਿੱਤੀ ਗਈ ਹੈ, ਉਥੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ, ਸੁੱਚਾ ਸਿੰਘ ਲੰਗਾਹ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤੇ ਜਾਣ ਦਾ ਸੰਕੇਤ ਦਿੱਤਾ ਗਿਆ ਹੈ। ਸਖੀਰਾ ਟਾਵਰ ਸਥਿਤ ਜਰਨੈਲ ਸਿੰਘ ਸਖੀਰਾ ਦੇ ਘਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ (ਮੁਤਵਾਜੀ) ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਾਰੇ ਘਟਨਾਕ੍ਰਮ ਨਾਲ ਕੋਈ ਵੀ ਲੈਣਾ-ਦੇਣਾ ਨਹੀਂ ਹੈ। ਅਕਾਲੀ ਜਾਣਬੁਝ ਕੇ ਇਸ ਨੂੰ ਪਾਰਟੀਬਾਜ਼ੀ ਵਿਚ ਪਾ ਕੇ ਉਲਝਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਦੀ ਸੱਚਾਈ ਪਤਾ ਲਾਉਣ ਲਈ 3 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾ ਬੂਲਾ, ਕਾਰਜਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾ ਤੁੰਗਵਾਲ ਤੇ ਬਾਬਾ ਪ੍ਰਦੀਪ ਸਿੰਘ ਚਾਂਦਪੁਰ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ 30 ਅਗਸਤ ਨੂੰ ਆਪਣੀ ਜਾਂਚ ਰਿਪੋਰਟ ਸੌਂਪਣਗੇ।