ਸਰਹੱਦੀ ਖੇਤਰ ਲਈ ਅਧਿਆਪਕਾਂ ਦਾ ਵੱਖਰਾ ਕਾਡਰ ਬਣੇਗਾ : ਅਰੁਨਾ ਚੌਧਰੀ

ਚੰਡੀਗੜ-ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਦਾ ਵੱਖਰਾ ਸਰਹੱਦੀ ਖੇਤਰ ਕਾਡਰ ਬਣੇਗਾ। ਇਸ ਕਾਡਰ ਦੇ ਅਧਿਆਪਕਾਂ ਦੀ ਨਿਯੁਕਤੀ, ਬਦਲੀ ਅਤੇ ਤਰੱਕੀ ਉਪਰੰਤ ਪੋਸਟਿੰਗ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਹੀ ਹੋਵੇਗੀ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਕਹੀ।
ਤਰਨਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਸਰਹੱਦੀ ਖੇਤਰ ਦੇ ਵਸਨੀਕਾਂ ਦੇ ਬੱਚਿਆਂ ਦੇ ਪਿਛੜੇਪਣ ਨੂੰ ਦੂਰ ਕਰਨ ਲਈ ਵੱਖਰੀ ਸਿੱਖਿਆ ਨੀਤੀ ਬਣਾਉਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਖੇਤਰ ਦੇ ਵਸਨੀਕਾਂ ਦੇ ਬੱਚਿਆਂ ਦੇ ਪਿਛੜੇਪਣ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦਾ ਵੱਖਰਾ ਸਰਹੱਦੀ ਖੇਤਰ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ ਲਈ ਅਧਿਆਪਕਾਂ ਦਾ ਵੱਖਰਾ ਕਾਡਰ ਬਣਾਉਣ ਦੀ ਤਜਵੀਜ਼ ਬਣਾਈ ਜਾ ਰਹੀ ਹੈ ਜਿਸ ਤਹਿਤ ਇਸ ਕਾਡਰ ਦੇ ਅਧਿਆਪਕਾਂ ਦੀ ਨਿਯੁਕਤੀ, ਬਦਲੀ ਅਤੇ ਤਰੱਕੀ ਉਪਰੰਤ ਪੋਸਟਿੰਗ ਸਰਹੱਦੀ ਖੇਤਰ ਦੇ ਸਕੂਲਾਂ ਅੰਦਰ ਹੀ ਹੋਵੇਗੀ ਜਿਸ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੀ ਸਮੱਸਿਆ ਦੂਰ ਹੋਵੇਗੀ।