ਕੈਪਟਨ ਸਰਕਾਰ ਨੇ ਰੋਜ਼ਗਾਰ ਦੇਣ ਦੀ ਬਜਾਏ ਖੋਹਣੇ ਸ਼ੁਰੂ ਕਰ ਦਿੱਤੇ: ਧੁੱਗਾ

ਹੁਸ਼ਿਆਰਪੁਰ — ਕਾਂਗਰਸ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਦਿਆਂ ਹੀ ਇਨ੍ਹਾਂ ਲੋਕਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਖੋਹਣੇ ਸ਼ੁਰੂ ਕਰ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਿਰਫ ਸੱਤਾ ਹਾਸਲ ਕਰਨ ਲਈ ਹੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਸੀ ਪਰ ਹੁਣ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਕੇ ਸਰਕਾਰ ਨੇ ਮੁਲਾਜ਼ਮ ਮਾਰੂ ਫੈਸਲਾ ਲਿਆ ਹੈ, ਜਿਸ ਨਾਲ ਹਜ਼ਾਰਾਂ ਵਰਕਰ ਬੇਰੋਜ਼ਗਾਰ ਹੋ ਜਾਣਗੇ। ਧੁੱਗਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਕਾਂਗਰਸ ਦੇ ਝੂਠੇ ਲਾਰਿਆਂ ‘ਚ ਆ ਕੇ ਇਨ੍ਹਾਂ ਨੂੰ ਸੱਤਾ ਸੌਂਪ ਦਿੱਤੀ ਪਰ ਇਨ੍ਹਾਂ ਉਨ੍ਹਾਂ ਦਾ ਕਚੂੰਮਰ ਕੱਢਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਉਹ ਸੜਕਾਂ ‘ਤੇ ਉਤਰ ਆਏ ਹਨ। ਕਾਂਗਰਸ ਵੱਲੋਂ ਬੇਰੋਜ਼ਗਾਰਾਂ ਨੂੰ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਗਏ, ਪਰ ਅੱਜ ਤੱਕ ਕਿਸੇ ਨੂੰ ਵੀ ਰੋਜ਼ਗਾਰ ਨਹੀਂ ਮਿਲਿਆ। ਝੂਠੇ ਰੋਜ਼ਗਾਰ ਮੇਲੇ ਲਾ ਕੇ ਕੈਪਟਨ ਸਰਕਾਰ ਸਿਰਫ ਵਾਹ-ਵਾਹ ਖੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਅੱਜ ਮਾਯੂਸ ਹੋ ਕੇ ਸਰਕਾਰ ਨੂੰ ਨਿੰਦ ਰਹੇ ਹਨ।
ਸਾਬਕਾ ਪਾਰਲੀਮਾਨੀ ਸਕੱਤਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਵੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਪਰ ਕੈਪਟਨ ਨੇ ਉਨ੍ਹਾਂ ਨਾਲ ਕੀਤਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਹਾਲ ਹੀ ਵਿਚ ਹੋਈਆਂ ਕਾਰਪੋਰੇਸ਼ਨ ਚੋਣਾਂ ਸਰਕਾਰ ਨੇ ਧੱਕੇਸ਼ਾਹੀ ਕਰ ਕੇ ਜਿੱਤੀਆਂ ਹਨ। ਕਾਂਗਰਸ ਦਾ ਆਧਾਰ ਪੰਜਾਬ ਅੰਦਰ ਖਤਮ ਹੁੰਦਾ ਜਾ ਰਿਹਾ ਹੈ ਅਤੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾ ਰਹੇ।