ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ ਗ੍ਰਹਿ ਮੰਤਰੀ ਤੋਂ 50 ਕਰੋੜ ਰੁਪਏ ਦੀ ਮੰਗ
ਚੰਡੀਗੜ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੂਬੇ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸੂਬਾ ਸਰਕਾਰ ਦੀ ਸਫ਼ਲਤਾ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਹਾਲ ਹੀ ਵਿਚ ਹੋਏ ਇਕ ਮੁਕਾਬਲੇ ਦੌਰਾਨ ਮਾਰੇ ਗਏ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ ਵਿੱਕੀ ਗੌਂਡਰ ਦੇ ਸੰਦਰਭ ਵਿਚ ਖਾਸ ਤੌਰ ‘ਤੇ ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ਦੀ ਸਰਾਹਨਾ ਕੀਤੀ ਹੈ।
ਰਾਜਨਾਥ ਸਿੰਘ ਨੇ ਇਹ ਪ੍ਰਸ਼ੰਸਾ ਪੰਜਾਬ ਦੇ ਰਾਜਪਾਲ ਵੀ.ਪੀ.ਐਸ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੁਪਹਿਰ ਦੇ ਖਾਣੇ ‘ਤੇ ਹੋਈ ਇਕ ਮੀਟਿੰਗ ਦੌਰਾਨ ਕੀਤੀ। ਇਸ ਮੀਟਿੰਗ ਦੌਰਾਨ ਪੂਰਾ ਜ਼ੋਰ ਅੰਦਰੂਨੀ ਸੁਰੱਖਿਆ ਦੇ ਮੁੱਦੇ ‘ਤੇ ਸੀ ਜਿਸ ਦੌਰਾਨ ਇਸ ਖਿੱਤੇ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਬਣਾਏ ਰੱਖਣ ਲਈ ਕੇਂਦਰ ਅਤੇ ਸੂਬੇ ਵਿਚਕਾਰ ਸਹਿਯੋਗ ‘ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅਪਰਾਧੀਆਂ ਅਤੇ ਸੰਗਠਤ ਗੈਂਗਾਂ ਵਿਰੁੱਧ ਕਾਰਵਾਈ ਲਈ ਪੰਜਾਬ ਪੁਲਿਸ ਅਤੇ ਖੂਫੀਆ ਏਜੰਸੀਆਂ ਦੀ ਸਰਾਹਨਾ ਕੀਤੀ ਅਤੇ ਇਸ ਮਕਸਦ ਲਈ ਕੇਂਦਰ ਸਰਕਾਰ ਵੱਲੋਂ ਸਾਰੇ ਤਰ•ਾਂ ਦੀ ਮਦਦ ਦੀ ਪੇਸ਼ਕਸ਼ ਕੀਤੀ।
ਮੌਜੂਦਾ ਚੁਣੌਤੀਆਂ ਨਾਲ ਨਿਪਟਣ ਲਈ ਸੂਬਾ ਪੁਲਿਸ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਕੋਲੋਂ 50 ਕਰੋੜ ਰੁਪਏ ਦੀ ਗ੍ਰਾਂਟ ਦੀ ਮੰਗ ਕੀਤੀ। ਇਸੇ ਦੌਰਾਨ ਉਨ•ਾਂ ਨੇ ਪੰਜਾਬ ਦੀਆਂ ਜੇਲ•ਾਂ ਤੋਂ ਆਈ.ਆਰ.ਬੀ. ਨੂੰ ਬਦਲ ਕੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ) ਦੀਆਂ ਦੋ ਕੰਪਨੀਆਂ ਤਾਇਨਾਤ ਕਰਨ ਬਾਰੇ ਵੀ ਆਪਣੀ ਪਹਿਲੀ ਬੇਨਤੀ ਨੂੰ ਦੁਹਰਾਇਆ ਜਿਸ ਸਬੰਧ ਵਿਚ ਉਨ•ਾਂ ਦੀ ਸਰਕਾਰ ਨੇ ਪਹਿਲਾਂ ਹੀ ਵੱਡੀ ਪੱਧਰ ਉੱਤੇ ਸੁਧਾਰ ਸ਼ੁਰੂ ਕਰ ਦਿੱਤੇ ਹਨ।
ਪੰਜਾਬ ਇਕ ਨਾਜ਼ੁਕ ਸਰਹੱਦੀ ਸੂਬਾ ਹੋਣ ਦੀ ਗੱਲ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਉੱਚ ਪੱਧਰੀ ਸੁਰੱਖਿਆ ਨੈਟਵਰਕ ਦੇ ਨਾਲ ਨਾਲ ਆਧੁਨਿਕ ਪੁਲਿਸ ਫੋਰਸ ਅਤੇ ਜੇਲ•ਾਂ ਦੀ ਪੁਖਤਾ ਸੁਰੱਖਿਆ ‘ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਡੀ.ਜੀ.ਪੀ ਸੁਰੇਸ਼ ਅਰੋੜਾ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।