ਕਿਸਾਨਾਂ ਦਾ ਵਿਰੋਧ ਕੇਂਦਰ ਸਰਕਾਰ ਦੇ ਉਦਾਸੀਨ ਰਵਈਏ ‘ਚੋਂ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ : ਮੁੱਖ ਮੰਤਰੀ

‘ਜ਼ਰੂਰਤ ਆਉਣ ‘ਤੇ ਕਾਂਗਰਸ ਹਾਈਕਮਾਂਡ ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਫੈਸਲਾ ਕਰੇਗੀ’
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਚੱਲ ਰਿਹਾ ਵਿਰੋਧ ਕੇਂਦਰ ਸਰਕਾਰ ਵੱਲੋਂ ਉਨਾਂ ਪ੍ਰਤੀ ਅਪਣਾਈ ਗਈ ਉਦਾਸੀਨਤਾ ਦੇ ਮੱਦੇਨਜ਼ਰ ਕਿਸਾਨਾਂ ਵਿਚ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਕ੍ਰਿਸ਼ਨਾ ਮੁਰਾਰੀ ਦੇ ਸਹੁੰ ਚੁੱਕਣ ਤੋਂ ਬਾਅਦ ਹਰਿਆਣਾ ਰਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਉਦਾਸੀਨ ਵਤੀਰੇ ਕਾਰਨ ਦੇਸ਼ ਦਾ ਕਿਸਾਨੀ ਭਾਈਚਾਰਾ ਗੰਭੀਰ ਸੰਕਟ ਦੀ ਜਕੜ ਵਿਚ ਆਇਆ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸੰਕਟ ਵਿਚ ਘਿਰੇ ਕਿਸਾਨਾਂ ਨੂੰ ਕੋਈ ਵੀ ਮਦਦ ਮੁਹੱਈਆ ਕਰਵਾਉਣ ‘ਚ ਅਸਫਲ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸ਼ਿਕਾਰ ਹਨ। ਉਨਾਂ ਕਿਹਾ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵਾਰ ਵਾਰ ਬੇਨਤੀਆਂ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨੀ ਭਾਈਚਾਰੇ ਨੂੰ ਬਚਾਉਣ ਲਈ ਅੱਗੇ ਆਉਣ ‘ਚ ਅਸਫਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਘੱਟੋ ਘੱਟ ਸਮਰਥਨ ਮੁੱਲ ਢੁੱਕਵੇਂ ਰੂਪ ਵਿਚ ਨਾ ਮਿਲਣ ਕਾਰਨ ਖੇਤੀ ਦਾ ਧੰਦਾ ਫਾਇਦੇਮੰਦ ਨਹੀਂ ਰਿਹਾ। ਉਨਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਮੁੜ ਦੁਹਰਾਈ ਜੋ ਕਿ ਸੂਬੇ ਦੇ ਖੇਤੀ ਸੰਕਟ ਦੇ ਹੱਲ ਲਈ ਲੰਮੀ ਮਿਆਦ ਵਾਲਾ ਇੱਕੋ ਇੱਕ ਅਸਰਦਾਇਕ ਰਾਹ ਹੈ।
2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਾਂਗਰਸ ਹਾਈਕਮਾਂਡ ‘ਤੇ ਨਿਰਭਰ ਕਰਦਾ ਹੈ ਅਤੇ ਉਹ ਇਸ ਸਬੰਧੀ ਜ਼ਰੂਰਤ ਪੈਦਾ ਹੋਣ ‘ਤੇ ਵਿਚਾਰ ਕਰੇਗੀ। ਉਨਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਪਾਰਟੀ ਹਾਈਕਮਾਂਡ ਨੂੰ ਇਸ ਮੁੱਦੇ ਉੱਤੇ ਉਸ ਵੇਲੇ ਰਾਇ ਦੇਵੇਗੀ ਜਦੋਂ ਪਾਰਟੀ ਹਾਈਕਮਾਂਡ ਇਸ ਬਾਰੇ ਸੂਬੇ ਦੀ ਰਾਇ ਮੰਗੇਗੀ।
ਮੁੱਖ ਮੰਤਰੀ ਨੇ ਕ੍ਰਿਸ਼ਨਾ ਮੁਰਾਰੀ ਦੀ ਨਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਇੱਕ ਉਘੇ ਕਾਨੂੰਨਦਾਨ ਹਨ ਅਤੇ ਉਹ ਆਪਣੇ ਤਜਰਬੇ ਦੇ ਨਾਲ ਪੰਜਾਬ ਅਤੇ ਹਰਿਆਣਾ ਦੀ ਨਿਆਇਕ ਪ੍ਰਣਾਲੀ ਨੂੰ ਹੋਰ ਬੇਹਤਰ ਬਣਾਉਣਗੇ।
ਇਸ ਤੋਂ ਪਹਿਲਾਂ ਸ੍ਰੀ ਮੁਰਾਰੀ ਨੂੰ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹਾਜ਼ਰੀ ਵਿਚ ਸਹੁੰ ਚੁਕਾਈ।