ਕਸ਼ਮੀਰ ਸਮੱਸਿਆ ਲਈ ਪੰਡਿਤ ਨਹਿਰੂ ਜ਼ਿੰਮੇਵਾਰ : ਰਿਜਿਜੂ

ਨਵੀਂ ਦਿੱਲੀ— ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੇ ਕਸ਼ਮੀਰ ਸਮੱਸਿਆ ‘ਤੇ ਭਾਜਪਾ ਦੀਆਂ ਨੀਤੀਆਂ ਨੂੰ ਲੈ ਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸਵਾਲ ਦਾ ਕਰਾਰਾ ਜਵਾਬ ਦਿੰਦਿਆਂ ਇਸ ਲਈ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਬੁੱਧਵਾਰ ਇਕ ਟਵੀਟ ਰਾਹੀਂ ਰਿਜਿਜੂ ਨੇ ਕਿਹਾ ਕਿ ਸਰਦਾਰ ਪਟੇਲ ਨੇ ਸਭ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਲਿਆ ਸੀ ਪਰ ਕਸ਼ਮੀਰ ਦੀ ਜ਼ਿੰਮੇਵਾਰੀ ਪੰਡਿਤ ਨਹਿਰੂ ਨੇ ਸੰਭਾਲ ਲਈ। ਇਸ ਕਾਰਨ ਵਧੇਰੇ ਮੁਸ਼ਕਲਾਂ ਪੈਦਾ ਹੋਈਆਂ। ਹੁਣ ਤੱਕ ਹਜ਼ਾਰਾਂ ਲੋਕਾਂ ਦੀ ਕਸ਼ਮੀਰ ਵਿਚ ਹੱਤਿਆ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚ ਕਸ਼ਮੀਰੀ ਪੰਡਿਤ ਵੀ ਹਨ। ਡੇਢ ਲੱਖ ਤੋਂ ਵੱਧ ਲੋਕਾਂ ਨੂੰ ਹਿਜਰਤ ਕਰਨੀ ਪਈ ਹੈ। ਰਾਹੁਲ ਦੇ ਪਰਿਵਾਰ ਅਤੇ ਉਨ੍ਹਾਂ ਦੀ ਪਾਰਟੀ ਨੇ ਹੀ ਕਸ਼ਮੀਰ ਨੂੰ ਤਬਾਹ ਕੀਤਾ ਹੈ।