ਨਿਗਮ ਦੀ ਟੀਮ ਨੇ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਕੀਤੀ ਚੈਕਿੰਗ
ਡੇਂਗੂ ਦੇ ਲਾਰਵੇ ਸਬੰਧੀ ਵੀ ਕੀਤੀ ਚੈਕਿੰਗ; ਲੋਕਾਂ ਨੂੰ ਸਾਫ਼ ਸਫਾਈ ਬਾਰੇ ਕੀਤਾ ਜਾਗਰੂਕ
ਐਸ.ਏ.ਐਸ. ਨਗਰ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਸਿਗਰਟਾਂ ਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲਿਆਂ ਦੀ ਚੈਕਿੰਗ ਕੀਤੀ ਗਈ ਅਤੇ ਕੋਟਪਾ ਦੀ ਉਲੰਘਣਾ ਕਰਨ ਸਬੰਧੀ 11 ਚਲਾਨ ਵੀ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਨਿਗਮ ਦੀ ਟੀਮ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਸੈਕਟਰ 70 ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਸਫਾਈ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਿਗਮ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਰੋਕਥਾਮ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦੇਣ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਪੈਂਫਲੇਟ ਵੀ ਵੰਡੇ ਗਏ। ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਕੋਟਪਾ ਦੀ ਉਲੰਘਣਾਂ ਸਬੰਧੀ ਕੀਤੇ ਚਲਾਨਾਂ ਵਿਚ ਵਿੱਦਿਅਕ ਸੰਸਥਾਵਾਂ ਨੇੜੇ ਤੰਬਾਕੂ ਉਤਪਾਦ ਵੇਚਣ ਅਤੇ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਗਏ ਚਲਾਨ ਵੀ ਸ਼ਾਮਿਲ ਹਨ।
ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਹੜੇ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ।