ਜਲੰਧਰ— ਆਮ ਆਦਮੀ ਪਾਰਟੀ ਦੀ ਜਲੰਧਰ ਇਕਾਈ ਵੱਲੋਂ ਜ਼ਿਲਾ ਪ੍ਰਧਾਨ ਡਾ. ਸ਼ਿਵ ਦਿਆਲ ਮਾਲੀ ਦੀ ਅਗਵਾਈ ‘ਚ ਬੀਤੇ ਦਿਨ ਡੀ. ਸੀ. ਦਫਤਰ ਸਾਹਮਣੇ ਪੰਜਾਬ ਸਰਕਾਰ ਅਤੇ ਸਾਬਕਾ ਅਕਾਲੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ ਕਿਉਂਕਿ ਪਹਿਲਾਂ ਹੀ ਕੈਪਟਨ ਸਰਕਾਰ ਨੇ ਇਸ ਬਾਰੇ ਬੇਹੱਦ ਢਿੱਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਰਿਪੋਰਟ ਕਈ ਮਹੀਨਿਆਂ ਤੱਕ ਲਟਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬਰਗਾੜੀ ਅਤੇ ਬਹਿਬਲ ਕਲਾਂ ਸਣੇ ਹੋਰ ਥਾਵਾਂ ‘ਤੇ ਹੋਈ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਾ ਕਰਦੀ ਹੈ ਅਤੇ ਸਰਕਾਰ ਕੋਲ ਮੰਗ ਕਰਦੀ ਹੈ ਕਿ ਇਕ ਐੈੱਸ. ਆਈ. ਟੀ. ਬਣਾ ਕੇ ਤੁਰੰਤ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਨਾਲ ਹੀ ਦੋਸ਼ੀਆਂ ਨੂੰ ਕਾਬੂ ਕਰ ਕੇ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਡੀ. ਜੀ. ਪੀ. ਸੁਮੇਧ ਸੈਣੀ ਦੀ ਇਸ ਕੇਸ ‘ਚ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡ. ਕਸ਼ਮੀਰ ਸਿੰਘ, ਗੁਰਿੰਦਰ ਸਿੰਘ ਸ਼ੇਰਗਿਲ, ਰਾਜਵਿੰਦਰ ਕੌਰ, ਸੰਤੋਖ ਸਿੰਘ, ਲਖਬੀਰ ਸਿੰਘ, ਮੰਗਲ ਸਿੰਘ, ਅੰਮ੍ਰਿਤਪਾਲ, ਹਰਚਰਨ ਸੰਧੂ ਵੀ ਮੌਜੂਦ ਸਨ।