ਨਵੀਂ ਦਿੱਲੀ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਨਾਲ ਜੁੜੇ ਕੁਝ ਕੌਮਾਂਤਰੀ ਮਾਮਲਿਆਂ ਵਲ ਦਿਵਾਇਆ। ਪੰਜਾਬ ਦੀ ਸੁਰੱਖਿਆ ਸਬੰਧੀ ਮੋਦੀ ਨਾਲ ਵੀ ਉਨ੍ਹਾਂ ਚਰਚਾ ਕੀਤੀ। ਉਮੀਦ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਬਾਰੇ ਉਠਾਏ ਗਏ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਮੋਦੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦੇਸ਼ਾਂ ਵਿਚ ਖਾਲਿਸਤਾਨੀ ਅਨਸਰਾਂ ਵਲੋਂ ਪੰਜਾਬ ਅਤੇ ਭਾਰਤ ਵਿਰੁੱਧ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਮਾਮਲਾ ਵੀ ਉਠਾਇਆ। ਵਿਦੇਸ਼ਾਂ ਵਿਚ ਰੈਫਰੈਂਡਮ-2020 ਦੇ ਨਾਂ ‘ਤੇ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਬਾਰੇ ਵੀ ਮੋਦੀ ਨਾਲ ਚਰਚਾ ਹੋਈ।
ਪ੍ਰਧਾਨ ਮੰਤਰੀ ਨਾਲ ਕੈਪਟਨ ਨੇ ਸੁਪਰੀਮ ਕੋਰਟ ਦੇ ਅੰਤਰਰਾਜੀ ਦਰਿਆਈ ਪਾਣੀ ਵਿਵਾਦ ਬਾਰੇ ਆਉਣ ਵਾਲੇ ਸੰਭਾਵਿਤ ਫੈਸਲੇ ਸਬੰਧੀ ਵੀ ਚਰਚਾ ਹੋਈ। ਸੁਪਰੀਮ ਕੋਰਟ ਵਲੋਂ ਆਉਂਦੇ ਕੁਝ ਦਿਨਾਂ ਦੌਰਾਨ ਆਪਣਾ ਫੈਸਲਾ ਦਿੱਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਦੇ ਸਾਹਮਣੇ ਕੈਪਟਨ ਨੇ ਪੰਜਾਬ ਬਾਰੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਹੇਠਲਾ ਪਾਣੀ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਕੈਪਟਨ ਨੇ ਸੂਬਾ ਸਰਕਾਰ ਵਲੋਂ ਕੱਟੜਪੰਥੀ ਅਨਸਰਾਂ ਵਿਰੁੱਧ ਉਠਾਏ ਗਏ ਸਖ਼ਤ ਕਦਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਧਿਆਨ ਵਿਚ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘਪਲੇ ਦਾ ਮਾਮਲਾ ਵੀ ਲਿਆਂਦਾ।