ਜਲੰਧਰ — ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਤੇ ਉਨ੍ਹਾਂ ਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਸਿਆਸੀ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਗੇ ਪਰ ਨਾਲ ਹੀ ਉਨ੍ਹਾਂ ਨੇ ਦੁਹਰਾਇਆ ਹੈ ਕਿ ਬਾਦਲਾਂ ਵਿਰੁੱਧ ਹਰੇਕ ਸ਼ਿਕਾਇਤ ਦੀ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਵੀ ਪੰਜਾਬ ਨੂੰ ਬਰਬਾਦ ਨਹੀਂ ਕਰਨ ਦਿਆਂਗੇ। ਭਾਵੇਂ ਉਹ ਬਾਦਲ ਹੋਣ ਜਾਂ ਕੋਈ ਹੋਰ, ਜੇਕਰ ਉਹ ਕਿਸੇ ਵੀ ਸ਼ਿਕਾਇਤ ‘ਚ ਦੋਸ਼ੀ ਪਾਏ ਗਏ ਤਾਂ ਕਾਰਵਾਈ ਜ਼ਰੂਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰ ਰਹੀ ਹੈ ਤਾਂ ਕਿ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਿਵੇਂ ਹੀ ਜਾਂਚ ਏਜੰਸੀਆਂ ਨੂੰ ਬਾਦਲਾਂ ਵਿਰੁੱਧ ਕੁਝ ਵੀ ਸਬੂਤ ਮਿਲਣਗੇ, ਉਨ੍ਹਾਂ ਦੀ ਸਰਕਾਰ ਤੁਰੰਤ ਕਾਨੂੰਨ ਦੀ ਪਾਲਣਾ ਕਰਦਿਆਂ ਕਾਰਵਾਈ ਕਰ ਦੇਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਸੂਬੇ ‘ਚ ਡਰੱਗ ਦੇ ਬੋਲਬਾਲੇ ਕਾਰਨ ਪਿਛਲੇ 10 ਸਾਲਾਂ ‘ਚ ਕਾਫੀ ਬਰਬਾਦੀ ਹੋਈ ਹੈ। ਸੂਬੇ ‘ਚ ਡਰੱਗ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ ਅਤੇ ਉਹ ਐੱਸ. ਟੀ. ਐੱਫ. ਵਲੋਂ ਪਿਛਲੇ ਕੁਝ ਮਹੀਨਿਆਂ ‘ਚ ਨਸ਼ਿਆਂ ਵਿਰੁੱਧ ਕੀਤੀ ਗਈ ਜਾਂਚ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਮਾਰਚ 2017 ਤਕ ਪੰਜਾਬ ‘ਚ ਨਸ਼ਾ ਖੁੱਲ੍ਹੇਆਮ ਵਿਕਦਾ ਹੁੰਦਾ ਸੀ ਪਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਨਸ਼ਾ ਸਮੱਗਲਰ ਸੂਬੇ ਨੂੰ ਛੱਡ ਕੇ ਫਰਾਰ ਹੋ ਗਏ। ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਆਦੀ ਨੌਜਵਾਨਾਂ ਨੇ ਹੁਣ ਨਸ਼ਿਆਂ ਤੋਂ ਤੌਬਾ ਕਰ ਲਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਵਿਰਾਸਤ ‘ਚ ਖਾਲੀ ਖਜ਼ਾਨਾ ਮਿਲਿਆ ਸੀ ਅਤੇ ਸਾਬਕਾ ਅਕਾਲੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰਨ ‘ਚ ਕੋਈ ਕਸਰ ਨਹੀਂ ਛੱਡੀ ਪਰ ਹੁਣ ਹਾਲਾਤ ਹੌਲੀ-ਹੌਲੀ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰ ਦੇ ਕਾਰਜਕਾਲ ‘ਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਜਸਟਿਸ (ਰਿਟਾਇਰ) ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਨੇ ਆਪਣੀ ਰਿਪੋਰਟ ਤਿਆਰ ਕਰਦੇ ਸਮੇਂ ਸ਼ਾਨਦਾਰ ਕੰਮ ਕੀਤਾ ਹੈ। ਬਰਗਾੜੀ ਅਤੇ ਬਹਿਬਲਕਲਾਂ ‘ਚ ਹੋਈ ਪੁਲਸ ਫਾਇਰਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ 1980 ਦੇ ਦਹਾਕੇ ‘ਚ ਅੱਤਵਾਦ ਕਾਰਨ 35 ਹਜ਼ਾਰ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਪਰ ਹੁਣ ਉਨ੍ਹਾਂ ਦੀ ਸਰਕਾਰ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦੇਵੇਗੀ। ਇਸ ਲਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਾ ਮਾਫੀਆ ਨੂੰ ਲੈ ਕੇ ਸਖਤ ਕਾਨੂੰਨ ਸਰਕਾਰ ਨੇ ਬਣਾਏ ਹਨ।
ਉਨ੍ਹਾਂ ਪੰਜਾਬ ਨੂੰ ਬਰਬਾਦੀ ਦੇ ਰਸਤੇ ‘ਤੇ ਲਿਜਾਣ ਲਈ ਅਕਾਲੀ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿਰੁੱਧ ਸਰਕਾਰ ਨੂੰ ਸਬੂਤ ਮਿਲਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਬਾਦਲਾਂ ਵਿਰੁੱਧ ਵੀ ਕਾਰਵਾਈ ਕਰਨ ‘ਚ ਇਕ ਮਿੰਟ ਦੀ ਦੇਰ ਨਹੀਂ ਲਗਾਏਗੀ। ਕੈਪਟਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਇਹ ਕਹਿੰਦੇ ਆ ਰਹੇ ਹਨ ਕਿ ਉਨ੍ਹਾਂ ਦਾ ਸਿਆਸੀ ਬਦਲੇ ਦੀ ਭਾਵਨਾ ‘ਚ ਭਰੋਸਾ ਨਹੀਂ ਹੈ। ਇਸ ਲਈ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਿਸੇ ਵੀ ਸਿਆਸੀ ਵਿਰੋਧੀ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਨਹੀਂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵਲੋਂ ਕਾਂਗਰਸ ਨੂੰ ਬਦਨਾਮ ਕਰਨ ਦੀ ਭਾਵਨਾ ਨਾਲ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਦੋਸ਼ਾਂ ਨੂੰ ਖਾਰਿਜ ਕੀਤਾ ਕਿ ਪੰਜਾਬ ‘ਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨਾਲ ਉਨ੍ਹਾਂ ਦਾ ਕੋਈ ਸੰਪਰਕ ਹੈ। ਉਨ੍ਹਾਂ ਨੇ ਵਿਦੇਸ਼ਾਂ ‘ਚ ਕੰਮ ਕਰ ਰਹੇ ਖਾਲਿਸਤਾਨੀਆਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦਾ ਸਮਰਥਨ ਹਾਸਲ ਹੈ, ਜੋ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ, ਜਰਮਨੀ, ਇੰਗਲੈਂਡ ਤੇ ਇਟਲੀ ਵਰਗੇ ਦੇਸ਼ਾਂ ਤੋਂ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕਾਂਗਰਸ ਸਰਕਾਰ ਪੰਜਾਬ ‘ਚ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। 2019 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਚਰਚਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਆਸਾਨੀ ਨਾਲ ਸਾਰੀਆਂ 13 ਸੀਟਾਂ ਜਿੱਤ ਲਏਗੀ। ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਮਹਿੰਗਾਈ ਤੇ ਹੋਰ ਮੁੱਦਿਆਂ ਨੂੰ ਲੈ ਕੇ ਰੋਸ ਹੈ।