ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਬੀ. ਬੀ. ਐੱਮ.ਬੀ. ਨੇ ਛੱਡਿਆ ਰਾਜਸਥਾਨ ਨੂੰ ਪਾਣੀ : ਬੈਂਸ

ਲੁਧਿਆਣਾ – ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਸਥਿਤ ਦਫਤਰ ‘ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਜੂਨ ‘ਚ ਰਾਜਸਥਾਨ ਨੂੰ 3.5 ਲੱਖ ਤੋਂ ਵੱਧ ਕਿਊਸਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਕਹਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਚੁੱਪੀ ਧਾਰੀ ਬੈਠੇ ਹੋਏ ਹਨ, ਕਿਉਂਕਿ ਬਾਦਲ ਪਰਿਵਾਰ ਦੀ ਨੂੰਹ ਕੇਂਦਰ ‘ਚ ਵਜ਼ੀਰ ਹੈ।
ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਬੀ.ਬੀ.ਐੱਮ.ਬੀ. ਨੇ ਇਸ ਵਾਰ ਜੂਨ ‘ਚ ਰਾਜਸਥਾਨ ਨੂੰ ਲੋੜ ਨਾਲੋਂ ਵੱਧ 3.5 ਲੱਖ ਕਿਊਸਕ ਪਾਣੀ ਭਾਜਪਾ ਦੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਛੱਡਿਆ ਹੈ। ਰਾਜਸਥਾਨ ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਬੀ.ਬੀ.ਐੱਮ.ਬੀ. ਦੇ ਅਧਿਕਾਰੀਆਂ ਨੇ ਪੰਜਾਬ ਦਾ ਬੇਸ਼ਕੀਮਤੀ ਪਾਣੀ ਰਾਜਸਥਾਨ ਨੂੰ ਛੱਡਿਆ ਹੈ। ਵਿਧਾਇਕ ਬੈਂਸ ਨੇ ਕਿਹਾ ਕਿ 16 ਨਵੰਬਰ 2016 ‘ਚ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ ਹੋ ਚੁੱਕਾ ਹੈ ਕਿ ਪੰਜਾਬ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਕੀਮਤ ਵਸੂਲ ਕਰੇਗਾ। ਉਹ ਪਾਣੀਆਂ ਸਬੰਧੀ ਜਿੱਥੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਗੇ ਉੱਥੇ ਹੀ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਚੁੱਕਣਗੇ।