ਨਵੀਂ ਦਿੱਲੀ—ਪਾਕਿਸਤਾਨ ਦੀ ਬੇਨਤੀ ਸਵੀਕਾਰ ਕਰਨ ਤੋਂ ਇਕ ਦਿਨ ਬਾਅਦ ਭਾਰਤ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਜੰਮੂ ਕਸ਼ਮੀਰ ਦੇ ਵਿਗੜਦੇ ਹਾਲਾਤ ਨੂੰ ਦੇਖਦਿਆਂ ਭਾਰਤ ਨੇ ਇਹ ਕਦਮ ਉਠਾਇਆ ਹੈ। ਇਹ ਮੁਲਾਕਾਤ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿਸਤਾਨ ਦੇ ਸ਼ਾਹ ਮਹਿਮੂਦ ਕੁਰੈਸ਼ੀ ਵਿਚ ਸੰਯੁਕਤ ਰਾਸ਼ਟਰ ਮਹਾ ਸਭਾ ‘ਚ ਹੋਣੀ ਸੀ।
ਵਿਦੇਸ਼ ਵਿਭਾਗ ਦੇ ਬੁਲਾਰੇ ਰਵੀਸ਼ ਕੁਮਾਰ ਨੇ ਸੂਚਿਤ ਕੀਤਾ ਸੀ ਕਿ ਭਾਰਤ ਪਾਕਿਸਤਾਨ ਸਰਕਾਰ ਦੀ ਬੇਨਤੀ ‘ਤੇ ਮੀਟਿੰਗ ਲਈ ਤਿਆਰ ਹੈ ਪਰ ਗੱਲਬਾਤ ਤੇ ਅੱਤਵਾਦ ਨਾਲ-ਨਾਲ ਨਹੀਂ ਚੱਲ ਸਕਦੇ ਤੇ ਬੀ.ਐੱਸ.ਐੱਫ.ਜਵਾਨ ਦੀ ਹੱਤਿਆ ਬਹੁਤ ਹੀ ਘਿਨਾਉਣੀ ਘਟਨਾ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੋਹਾਂ ਦੇਸ਼ਾਂ ‘ਚ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਅੱਤਵਾਦ ਦੇ ਮੁੱਦੇ ‘ਤੇ ਗੱਲਬਾਤ ਕਰਨ ਲਈ ਪਾਕਿਸਤਾਨ ਤਿਆਰ ਹੈ ਤੇ ਵਪਾਰ, ਜਨਤਕ ਸਬੰਧ ਤੇ ਧਾਰਮਿਕ ਯਾਤਰਾਵਾਂ ਕੁਝ ਅਜਿਹੇ ਮੁੱਦੇ ਹਨ ਜਿਸ ‘ਤੇ ਗੱਲਬਾਤ ਲਈ ਅਸੀਂ ਤਿਆਰ ਹਾਂ।