ਚੰਡੀਗੜ – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਅੱਜ ਮੁਕੰਮਲ ਹੋ ਗਈਆਂ। ਇਹਨਾਂ ਚੋਣਾਂ ਦੇ ਨਤੀਜੇ ਭਲਕੇ 22 ਸਤੰਬਰ ਨੂੰ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਸ਼ੁਰੂ ਹੋਵੇਗੀ।
ਦੱਸਣਯੋਗ ਹੈ ਕਿ 19 ਸਤੰਬਰ ਨੂੰ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਹੋਈਆਂ ਸਨ। ਇਸ ਦੌਰਾਨ ਇਹਨਾਂ ਚੋਣਾਂ ਵਿਚ ਗੜਬੜੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ 53 ਪੋਲਿੰਗ ਸਟੇਸ਼ਨਾਂ ਉਤੇ ਅੱਜ ਮੁੜ ਵੋਟਿੰਗ ਕਰਵਾਉਣ ਦਾ ਹੁਕਮ ਦਿੱਤਾ ਸੀ, ਜਿਸ ਤੋਂ ਬਾਅਦ ਇਹਨਾਂ ਪੋਲਿੰਗ ਸਟੇਸ਼ਨਾਂ ਉਤੇ ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਗਈਆਂ।
ਇਸ ਦੌਰਾਨ ਪੰਜਾਬ ਵਿਚ 19 ਸਤੰਬਰ ਪਾਈਆਂ ਵੋਟਾਂ ਅਤੇ 8 ਜ਼ਿਲਿਆਂ ਵਿਚ ਅੱਜ 53 ਪੋਲਿੰਗ ਬੂਥਾਂ ਉਤੇ ਪਈਆਂ ਇਹਨਾਂ ਵੋਟਾਂ ਦੀ ਗਿਣਤੀ ਭਲਕੇ 22 ਸਤੰਬਰ ਨੂੰ ਕੀਤੀ ਜਾਵੇਗੀ। ਇਹਨਾਂ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਕੇਂਦਰਾਂ ਦੇ ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।