ਐਸ.ਸੀ. ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ 2018 ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹੀਨੇ ਦੇ ਅੰਤ ਤੱਕ 2015-16 ਲਈ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ•ਾਂ ਨੇ ਇਸ ਸਾਲ ਦੇ ਅੰਤ ਤੱਕ ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਨ ਦੇ ਵੀ ਸਖ਼ਤ ਹੁਕਮ ਕੀਤੇ ਹਨ।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਵਜ਼ੀਫੇ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਐਸ.ਸੀ. ਵਿਦਿਆਰਥੀਆਂ ਨੂੰ ਦਾਖ਼ਲੇ ਤੋਂ ਨਾਂਹ ਕਰਨ ਵਾਲੀਆਂ ਨਿੱਜੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਨਿਰਦੇਸ਼ ਸਾਲ 2016-17 ਦੇ ਵਾਸਤੇ ਸਕਾਲਰਸ਼ਿਪ ਦੇ ਵਿਤਰਣ ਦਾ ਆਡਿਟ ਮੁਕੰਮਲ ਹੋਣ ਤੋਂ ਬਾਅਦ ਇਕ ਮੀਟਿੰਗ ਦੌਰਾਨ ਜਾਰੀ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕਰਨ ਵਾਸਤੇ ਐਸ.ਸੀ./ਬੀ.ਸੀ. ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਖਿਆ ਹੈ ਅਤ ਕਿਹਾ ਹੈ ਕਿ ਨਿੱਜੀ ਸੰਸਥਾਵਾਂ ਨੂੰ ਇਹ ਵੀ ਆਖਿਆ ਜਾਵੇ ਕਿ ਸੂਬਾ ਸਰਕਾਰ ਦੇ ਚੱਲ ਰਹੇ ਵਿੱਤੀ ਆਡਿਟ ਦੇ ਕਾਰਨ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਕਿਸੇ ਵੀ ਵਿਦਿਆਰਥੀ ਨੂੰ ਅਸੁਵਿਧਾ ਨਾ ਹੋਣ ਦਿੱਤੀ ਜਾਵੇ। ਸੂਬਾ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਵਿਤਰਣ ਨੂੰ ਦਰੁਸਤ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।
ਬੁਲਾਰੇ ਦੇ ਅਨੁਸਾਰ ਮੁੱਖ ਮੰਤਰੀ ਨੇ ਅਕਤੂਬਰ ਦੇ ਅਖੀਰ ਤੱਕ ਨਿੱਜੀ ਸੰਸਥਾਵਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵਾਸਤੇ ਸਾਲ 2015-16 ਲਈ ਲੰਬਿਤ ਪਈ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਆਖਿਆ ਹੈ। ਉਨ•ਾਂ ਨੇ 31 ਦਸੰਬਰ, 2018 ਤੱਕ ਵਜ਼ੀਫੇ ਦੇ ਵਿਤਰਣ ਦੀ ਪ੍ਰਕਿਰਿਆ ਮੁਕੰਮਲ ਕਰਨ ਵਾਸਤੇ ਭਲਾਈ ਵਿਭਾਗ ਨੂੰ ਕਿਹਾ ਹੈ ਤਾਂ ਜੋ ਇਸ ਸਕੀਮ ਦੇ ਵਾਸਤੇ ਕੇਂਦਰ ਦੇ ਹਿੱਸੇ ਦੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਅਗਲੇ ਮਹੀਨੇ ਦੇ ਅੰਤ ਤੱਕ 2016-17 ਲਈ ਐਸ.ਸੀ. ਸਕਾਲਰਸ਼ਿਪ ਦੀ ਲੰਬਿਤ ਪਈ ਰਾਸ਼ੀ ਵੀ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਬਾਰੇ ਭਾਰਤ ਸਰਕਾਰ ਦੇ ਸੋਧੇ ਦਿਸ਼ਾ-ਨਿਰਦੇਸ਼ਾਂ ਦਾ ਤੁਰੰਤ ਜਾਇਜ਼ਾ ਲੈਣ ਵਾਸਤੇ ਪ੍ਰਮੁੱਖ ਸਕੱਤਰ ਭਲਾਈ ਨੂੰ ਕਿਹਾ ਹੈ ਜਿਸ ਦੇ ਨਾਲ ਸੂਬੇ ਉੱਪਰ 720 ਕਰੋੜ ਰੁਪਏ ਦੀ ਵਾਧੂ ਦੇਣਦਾਰੀ ਦਾ ਆਖ਼ਰਕਾਰ ਬੋਝ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪਹਿਲਾਂ ਹੀ ਇਹ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਇਆ ਹੈ ਅਤੇ ਉਹ ਸੂਬੇ ਦੀ ਡਾਵਾਂਡੋਲ ਵਿੱਤੀ ਹਾਲਤ ਦੇ ਮੱਦੇਨਜ਼ਰ ਅਤੇ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਵਾਸਤੇ ਮੁੜ ਪ੍ਰਧਾਨ ਮੰਤਰੀ ਨੂੰ ਇਸ ਦਾ ਹੱਲ ਕਰਨ ਲਈ ਬੇਨਤੀ ਕਰਨਗੇ।
ਅਨੁਸੂਚਿਤ ਜਾਤਾਂ ਦੇ ਵਾਸਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਕੇਂਦਰ ਦੀ ਸਹਾਇਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਦਾ ਉਦੇਸ਼ ਪੋਸਟ ਮੈਟ੍ਰਿਕ ਅਤੇ ਪੋਸਟ ਸੈਕੰਡਰੀ ਸਟੇਜ਼ ‘ਤੇ ਪੜ•ਨ ਵਾਲੇ ਐਸ.ਸੀ. ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਾਉਣਾ ਹੈ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਏ.ਸੀ.ਐਸ. ਉÎੱਚ ਸਿੱਖਿਆ ਐਸ.ਕੇ.ਸੰਧੂ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਏ.ਸੀ.ਐਸ. ਭਲਾਈ ਡਾ. ਰੋਸ਼ਨ ਸੁੰਕਾਰੀਆ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।