ਖਾਦੀ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਕੰਮ ਕਰ ਰਹੀ ਹੈ ਪੰਜਾਬ ਸਰਕਾਰ
ਖੇਡ ਮੰਤਰੀ ਵੱਲੋਂ ਫੇਜ਼-07 ਵਿਖੇ ਖਾਦੀ ਇੰਡੀਆ ਦੇ ਸਟੋਰ ਐਥੇਨਿਕ ਇੰਡੀਆ ਦਾ ਉਦਘਾਟਨ
ਐਸ.ਏ.ਐਸ.ਨਗਰ- ਦੇਸ਼ ਦੀ ਤਰੱਕੀ ਲਈ ਨੌਜਵਾਨਾਂ ਨੂੰ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨਾਲ ਜੋੜਨਾ ਜ਼ਰੂਰੀ ਹੈ। ਮਹਾਤਮਾ ਗਾਂਧੀ ਨੇ ਅਹਿੰਸਾ ਦੇ ਮਾਰਗ ‘ਤੇ ਚਲਦਿਆਂ ਦੇਸ਼ ਨੂੰ ਆਜ਼ਾਦ ਕਰਵਾਇਆ ਤੇ ਅਜਿਹਾ ਕਰਕੇ ਉਨ੍ਹਾਂ ਨੇ ਦੁਨੀਆਂ ਵਿਚ ਇਕ ਮਿਸਾਲ ਕਾਇਮ ਕੀਤੀ। ਉਨ੍ਹਾਂ ਤੋਂ ਬਾਅਦ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਕਈ ਹੋਰਨਾਂ ਦੇਸ਼ਾਂ ਦਿਆਂ ਆਗੂਆਂ ਨੇ ਵੀ ਮਹਾਤਮਾ ਗਾਂਧੀ ਦੇ ਰਾਹ ਤੇ ਚੱਲ ਕੇ ਆਜ਼ਾਦੀ ਹਾਸਿਲ ਕਰਨ ਵਿਚ ਕਾਮਯਾਬੀ ਪ੍ਰਾਪਤ ਕੀਤੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਮੰਤਰੀ, ਪੰਜਾਬ ਸ. ਰਾਣਾ ਗੁਰਮੀਤ ਸਿੰਘ ਸੋਢੀ ਨੇ ਇੱਥੇ ਫੇਜ਼-07 ਵਿਖੇ ਖਾਦੀ ਇੰਡੀਆ ਦੇ ਸਟੋਰ ਐਥੇਨਿਕ ਇੰਡੀਆ ਦਾ ਉਦਘਾਟਨ ਕਰਦਿਆਂ ਕੀਤਾ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸਵਦੇਸ਼ੀ ਦਾ ਜੋ ਰਾਹ ਦਿਖਾਇਆ। ਉਹ ਦੇਸ਼ ਲਈ ਬਹੁਤ ਲਾਹੇਵੰਦ ਸਿੱਧ ਹੋਇਆ ਹੈ ਤੇ ਮੌਜੂਦਾ ਦੌਰ ਵਿਚ ਵੀ ਇਸ ਰਾਹ ਉੱਤੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਰਾਹ ਉੱਤੇ ਚੱਲ ਕੇ ਨੌਜਵਾਨ ਅਮੀਰ ਭਾਰਤੀ ਸੱਭਿਆਚਾਰ ਨਾਲ ਜੁੜਨਗੇ ਅਤੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੱਭਿਆਚਾਰ ਨਾਲ ਜੁੜੇ ਹੋਏ ਨੌਜਵਾਨ ਕਦੇ ਵੀ ਬੁਰਾਈ ਵੱਲ ਨਹੀਂ ਵੱਧਦੇ ਅਤੇ ਸੁਚੱਜੇ ਢੰਗ ਨਾਲ ਆਪਣੀ ਜਿੰਦਗੀ ਜਿਊਂਦੇ ਹਨ। ਉਨ੍ਹਾਂ ਕਿਹਾ ਕਿ ਖਾਦੀ ਇੰਡੀਆ ਦੇ ਸਟੋਰ ਦੇ ਰੂਪ ਵਿਚ ਐਸ.ਏ.ਐਸ. ਨਗਰ ਵਾਸੀਆਂ ਨੂੰ ਆਪਣੀ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਿਆ ਹੈ। ਜਿਸ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ। ਸਟੋਰ ਦਾ ਦੌਰਾ ਕਰਦਿਆਂ ਉਨ੍ਹਾਂ ‘ਵਿਚਾਰ ਵਸਤਰ’ ਬਰੈਂਡ ਤਹਿਤ ਜਾਰੀ ਕੀਤੇ ਉਤਪਾਦਾਂ ਦੀ ਵਿਸ਼ੇਸ਼ ਤੌਰ ਉਤੇ ਸ਼ਲਾਘਾ ਕੀਤੀ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਾਦੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਸਿੱਟੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਪੰਜਾਬ ਸਰਕਾਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ । ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸ. ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆਂ ਕਰਵਾਈਆਂ ਹਨ ਅਤੇ ਸਨਅਤ ਦੇ ਵਿਕਾਸ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਰੁਜ਼ਗਾਰ ਦੇ ਵੱਡੀ ਗਿਣਤੀ ਮੌਕੇ ਪੈਦਾ ਹੋਣਗੇ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਉਨ੍ਹਾਂ ਦਾ ਖੇਡਾਂ ਨਾਲ ਜੁੜਨਾ ਅਤਿ ਜ਼ਰੂਰੀ ਹੈ। ਖੇਡਾਂ ਦੇ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਖਾਦੀ ਵਿਲੇਜ ਇੰਡਸਟਰੀਜ਼ ਕਮਿਸ਼ਨ ਦੇ ਸਟੇਟ ਡਾਇਰੈਕਟਰ ਸ੍ਰੀ ਵੀ.ਕੇ. ਸ਼ਰਮਾ, ਰਜਿੰਦਰ ਸਿੰਘ, ਸ੍ਰੀਮਤੀ ਹਰਜੋਤ ਸੋਢੀ, ਸ੍ਰੀ ਕਨਵਰ ਸੋਢੀ, ਖੇਤਰੀ ਪੰਜਾਬ ਖਾਦੀ ਮੰਡਲ ਦੇ ਚੇਅਰਪਰਸਨ ਸ੍ਰੀ ਰਾਮ ਨਾਥ ਅਤੇ ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।