ਪਟਿਆਲਾ— ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ‘ਤੇ ਅੰਗਰੇਜ਼ਾਂ ਨਾਲੋਂ ਵੀ ਵੱਧ ਜ਼ੁਲਮ ਢਾਹਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਮਿੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕਰਵਾ ਕੇ ਇੰਦਰਾ ਗਾਂਧੀ ਨੇ ਵੱਡਾ ਗੁਨਾਹ ਕੀਤਾ ਹੈ। ਹਾਲ ਹੀ ‘ਚ ਹੋਈਆਂ ਜ਼ਿਲਾ ਪ੍ਰੀਸ਼ਦ ਚੋਣਾਂ ਅਤੇ ਬਲਾਕ ਸਮਿਤੀ ਦੀਆਂ ਚੋਣਾਂ ‘ਤੇ ਬੋਲਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਸਰਕਾਰ ਸ਼ਰੇਆਮ ਧੱਕਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐੱਸ. ਜੀ. ਪੀ. ਸੀ ਚੋਣਾਂ ਦੌਰਾਨ ਵੀ ਕਾਂਗਰਸ ਕਰੇਗੀ ਅਜਿਹੀਆਂ ਕਾਰਵਾਈਆਂ ਕਰਨ ਦੀ ਕੋਸ਼ਿਸ਼ ਕਰੇਗੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਿਰਫ ਧਾਰਮਿਕ ਸਥਾਨਾਂ ‘ਤੇ ਕਬਜ਼ਾ ਕਰਕੇ ਧਾਰਮਿਕ ਸੱਭਿਆਚਾਰ ਨੂੰ ਖਤਮ ਕਰਨਾ ਚਾਹੁੰਦੀ ਹੈ। ਸੱਤਾ ‘ਚ ਆਉਣ ਦੌਰਾਨ ਕੈਪਟਨ ਨੇ ਜੋ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦਿਆਂ ਤੋਂ ਹੁਣ ਮੁਕਰ ਗਏ ਹਨ। ਸਾਰੀਆਂ ਸਕੀਮਾਂ ਕੈਪਟਨ ਨੇ ਬੰਦ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਸਕੀਮਾਂ ਅਸੀਂ ਆਪਣੇ ਕਾਰਜਕਾਲ ਦੌਰਾਨ ਦਲਿਤਾਂ ਵਾਸੇ ਸ਼ੁਰੂ ਕੀਤੀਆਂ ਸਨ, ਉਹ ਸਾਰੀਆਂ ਕੈਪਟਨ ਨੇ ਬੰਦ ਕਰ ਦਿੱਤੀਆਂ ਹਨ। ਅੱਜ ਨਾਂ ਕਿਸੇ ਨੂੰ ਕੋਈ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਨਾ ਕਿਸੇ ਨੂੰ ਸ਼ਗਨ ਸਕੀਮ ਦਾ ਲਾਭ ਮਿਲ ਰਿਹਾ ਹੈ। ਅੱਜ ਦੀ ਰੈਲੀ ਦਾ ਮਕਸਦ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਜਬਰ ਵਿਰੋਧੀ ਰੈਲੀ ਦਾ ਮਕਸਦ ਸਿਰਫ ਲੋਕਾਂ ਨੂੰ ਕਾਂਗਰਸ ਦੇ ਜ਼ਬਰ-ਜ਼ੁਲਮਾਂ ਤੋਂ ਜਾਗਰੂਕ ਕਰਨਾ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਸੁਖਬੀਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਨਤਾ ਨੂੰ ਕਾਂਗਰਸ ਸਰਕਾਰ ਦੇ ਜ਼ੁਲਮਾਂ ਤੋਂ ਜਾਗਰੂਕ ਕਰਨ ਲਈ ਇਕ ਰੈਲੀ ਦੋਆਬਾ ਅਤੇ ਇਕ ਮਾਝਾ ‘ਚ ਕੀਤੀ ਜਾਵੇ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਨਾਲ ਜਾਂ ਉਨ੍ਹਾਂ ਤੋਂ ਪਹਿਲਾਂ ਜੇਲਾਂ ਕੱਟਣ ਵਾਲੇ ਟਕਸਾਲੀ ਅਕਾਲੀ ਲੀਡਰਾਂ ਨੂੰ ਵੱਡਾ ਸਮਾਗਮ ਕਰਕੇ ਸਨਮਾਨਤ ਕੀਤਾ ਜਾਵੇ।