ਗੋਲੀ ਕਾਂਡ ‘ਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਦੀਆਂ ਮੰਗਾਂ ਜਲਦ ਕੀਤੀਆਂ ਜਾਣਗੀਆਂ ਪੂਰੀਆਂ : ਬਾਜਵਾ

ਫਰੀਦਕੋਟ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ‘ਚ ਕੋਟਕਪੂਰਾ ਬੱਤੀਆਂ ਵਾਲੇ ਚੌਕ ‘ਚ ਧਰਨਾ ਦੇ ਰਹੀ ਸੰਗਤ ‘ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਹਵਾਈ ਫਾਇਰਿੰਗ ਨੂੰ ਤਿੰਨ ਸਾਲ ਪੂਰੇ ਹੋਣ ‘ਤੇ ਸਿੱਖ ਸੰਗਤਾਂ ਨੇ ਅੱਜ ਦਾ ਦਿਨ ਲਾਹਨਤ ਦਿਹਾੜੇ ਵਜੋਂ ਮਨਾਇਆ। ਦੂਜੇ ਪਾਸੇ ਬਹਿਬਲ ਕਲਾਂ ਗੋਲੀ ਕਾਂਡ ‘ਚ ਮਾਰੇ ਗਏ ਸਿੱਖ ਨੌਜਵਾਨ ਹਰਕਿਸ਼ਨ ਭਗਵਾਨ ਅਤੇ ਗੁਰਜੀਤ ਸਰਾਵਾਂ ਦੇ ਜੱਦੀ ਪਿੰਡ ਬਹਿਬਲ ਖੁਰਦ ਅਤੇ ਸਰਾਵਾਂ ਵਿਖੇ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਸ ਮੌਕੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਅੱਜ ਦੋਵੇਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਰਿਵਾਰਾਂ ਦੀਆਂ ਜੋ ਵੀ ਮੰਗਾਂ ਹਨ, ਜਲਦ ਪੂਰੀਆਂ ਕੀਤੀਆਂ ਜਾਣਗੀਆਂ।