ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਗਲਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 11ਵੀਂ ਤੇ 12ਵੀਂ ਕਲਾਸ ਦਾ ਸਿਲੇਬਸ ਤਿਆਰ ਕਰਨ ਲਈ ਬਣਾਈ ਕਮੇਟੀ ‘ਚੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਸਿਲੇਬਸ ਦੇ ਜਾਰੀ ਕੀਤੇ ਜਾ ਰਹੇ ਹਰ ਚੈਪਟਰ ‘ਚ ਸਿੱਖ ਇਤਿਹਾਸ ਸਬੰਧੀ ਗਲਤੀਆਂ ਦੀ ਭਰਮਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਸਿਲੇਬਸ ਕਮੇਟੀ ‘ਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਵਲੋਂ ਮੀਟਿੰਗਾਂ ਦੌਰਾਨ ਸਿਲੇਬਸ ਕਮੇਟੀ ਦੇ ਚੇਅਰਮੈਨ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਗਲਤੀਆਂ ਨਹੀਂ ਸੁਧਾਰੀਆਂ ਜਾ ਰਹੀਆਂ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਿੱਖ ਇਤਿਹਾਸ ਦੀਆਂ ਗਲਤੀਆਂ ਨੂੰ ਸਿਲੇਬਸ ਦੇ ਚੈਪਟਰਾਂ ‘ਚੋਂ ਸੁਧਾਰਿਆ ਨਾ ਗਿਆ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੀ ਸਰਕਾਰ ਦੀ ਚਾਲ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਜੇਕਰ ਲੋੜ ਪਈ ਤਾਂ ਕਰੜਾ ਸੰਘਰਸ਼ ਵੀ ਵਿੱਢਿਆ ਜਾ ਸਕਦਾ ਹੈ।
ਇਸ ਸਬੰਧੀ ਉਨ੍ਹਾਂ ਸਿਲੇਬਸ ਕਮੇਟੀ ‘ਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਇਕ ਨੁਮਾਇੰਦੇ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ 2 ਪੱਤਰ ਵੀ ਮੀਡੀਆ ਨੂੰ ਜਾਰੀ ਕੀਤੇ ਤੇ ਦੱਸਿਆ ਕਿ ਡਾ. ਗੋਗੋਆਣੀ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਸਿਲੇਬਸ ਕਮੇਟੀ ਵੱਲੋਂ ਇਕ ਵਧੀਆ ਸਿਲੇਬਸ ਤਿਆਰ ਕਰਨ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5 ਚੈਪਟਰ ਲਿਖਵਾਏ ਗਏ ਹਨ, ਜਿਨ੍ਹਾਂ ‘ਚ ਵੱਡੀਆਂ ਇਤਿਹਾਸਕ ਗਲਤੀਆਂ ਪਾਈਆਂ ਗਈਆਂ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਡਾ. ਗੋਗੋਆਣੀ ਦੇ ਪੱਤਰ ਅਨੁਸਾਰ ਉਹ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੂੰ ਵਾਰ-ਵਾਰ ਸੂਚਿਤ ਕਰਦੇ ਰਹੇ ਹਨ ਪਰ ਸੁਧਾਰ ਨਹੀਂ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਗੁਰਤੇਜ ਸਿੰਘ ਢੱਡੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਹੋਰ ਮੌਜੂਦ ਸਨ।