ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਜੱਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਬੈਠਕ ਸੱਦੀ ਗਈ। ਬੈਠਕ ਵਿੱਚ ਦੋਵੇਂ ਸ਼ਤਾਬਦੀ ਸਮਾਗਮਾਂ ਤੋਂ ਇਲਾਵਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਵੀ ਵਿਚਾਰਾਂ ਹੋਈਆਂ। ਬੈਠਕ ਤੋਂ ਬਾਅਦ ਜੋ ਵੱਡੀ ਗੱਲ ਸਾਹਮਣੇ ਆਈ ਹੈ ਉਹ ਇਹ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਹੁਣ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਨਾਲ ਗੱਲਬਾਤ ਸ਼ੁਰੂ ਕਰੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕੀਤਾ ਕਿ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਬਾਰੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਸ਼ੁਰੂ ਕਰਨਗੇ। ਹਾਲਾਂਕਿ, ਜਦ ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਤੁਹਾਨੂੰ ਰਾਜਨਾਥ ਸਿੰਘ ਹੀ ਦੱਸਣਗੇ।ਇੱਕ ਘੰਟਾ ਚੱਲੀ ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਇਹ ਪਹਿਲੀ ਵਾਰ ਹੋਇਆ ਹੈ ਕਿ ਉਕਤ ਸਮਾਗਮਾਂ ਬਾਰੇ ਕੇਂਦਰ ਨੇ ਇੰਨੀ ਵੱਡੀ ਬੈਠਕ ਅਤੇ ਸਾਰੀਆਂ ਧਿਰਾਂ ਨੂੰ ਸੱਦਿਆ ਹੋਵੇ। ਬੈਠਕ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਜੱਲ੍ਹਿਆਂਵਾਲਾ ਬਾਗ਼ ਟਰੱਸਟ ਦੇ ਮੈਂਬਰ ਤਰਲੋਚਨ ਸਿੰਘ ਨਾਲ ਉਕਤ ਤਿੰਨਾਂ ਵਿਸ਼ਿਆਂ ਬਾਰੇ ਕਾਫੀ ਚਰਚਾ ਹੋਈ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਇਸ ਮਸਲੇ ‘ਤੇ ਪਹਿਲਕਦਮੀ ਦਿਖਾਈ ਸੀ ਪਰ ਭਾਰਤ ਸਰਕਾਰ ਨੇ ਅੱਤਵਾਦ ਨੂੰ ਰੋਕਣ ‘ਚ ਅਸਫ਼ਲਤਾ ਦੇ ਚੱਲਦਿਆਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਹੀ ਰੱਦ ਕਰ ਦਿੱਤੀ ਸੀ। ਪਰ ਐਸਜੀਪੀਸੀ ਪ੍ਰਧਾਨ ਦੇ ਦਾਅਵੇ ਤੋਂ ਬਾਅਦ ਹੁਣ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫਿਰ ਤੋਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।ਜੱਲ੍ਹਿਆਂਵਾਲਾ ਬਾਗ਼ ਵਿੱਚ ਆਉਂਦੇ ਦੋ ਮਹੀਨਿਆਂ ਦੇ ਅੰਦਰ ਅੰਦਰ ਵਿਸ਼ੇਸ਼ ਢਾਂਚਾ ਤਿਆਰ ਕਰ ਦਿੱਤਾ ਜਾਵੇਗਾ ਅਤੇ ਸ਼ਤਾਬਦੀ ਸਮਾਗਮਾਂ ਮੌਕੇ ਜੱਲ੍ਹਿਆਂਵਾਲਾ ਬਾਗ਼ ਸਾਕੇ ਨੂੰ ਦਰਸਾਉਣ ਲਈ ਵਿਸ਼ੇਸ਼ ਰੌਸ਼ਨੀ ਤੇ ਧੁਨੀ ਸ਼ੋਅ ਕਰਵਾਇਆ ਜਾਵੇਗਾ।

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ‘ਤੇ ਮਨਾਉਣ ਲਈ ਵੀ ਵਿਚਾਰਾਂ ਹੋਈਆਂ। ਦੁਨੀਆ ਦੇ ਹਰ ਦੇਸ਼ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਰਬਧਰਮ ਸੰਮੇਲਨ ਵੀ ਕਰਵਾਏ ਜਾਣਗੇ। ਬੈਠਕ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਕਰਵਾਇਆ ਜਾਵੇਗਾ।