ਨਵੇਂ ਸਪੈਸਲਿਸ਼ਟ ਡਾਕਟਰਾਂ ਦਾ ਬੈਚ ਸਿਹਤ ਵਿਭਾਗ ਵਿੱਚ ਜਲਦ ਸ਼ਾਮਲ ਹੋਵੇਗਾ
ਸਾਰੇ ਨਵ-ਨਿਯੁਕਤ ਡਾਕਟਰਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ
ਚੰਡੀਗੜ੍ਹ-ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਦੀ ਦਿਸ਼ਾ ਵੱਲ ਇੱਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਐਸ.ਏ.ਐਸ. ਨਗਰ ਦੇ ਆਡੀਟੋਰੀਅਮ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ 306 ਨਵ-ਨਿਯੁਕਤ ਐਮ.ਬੀ.ਬੀ.ਐਸ. ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਸ੍ਰੀ ਬ੍ਰਹਮ ਮਹਿੰਦਰਾ ਨੇ ਨਵ-ਨਿਯੁਕਤ ਡਾਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਅੱਜ ਬਹੁਤ ਖੁਸ਼ੀ ਅਤੇ ਰਾਹਤ ਮਹਿਸੂਸ ਕਰ ਰਹੇ ਹਨ ਕਿ 306 ਡਾਕਟਰਾਂ ਦਾ ਨਵਾਂ ਬੈਚ ਸਿਹਤ ਵਿਭਾਗ ਦਾ ਪਰਿਵਾਰ ਬਣਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ 16 ਮਾਰਚ, 2017 ਨੂੰ ਸਿਹਤ ਵਿਭਾਗ ਦਾ ਕਾਰਜਭਾਰ ਸੰਭਾਲਿਆ ਤਾਂ ਉਨ੍ਹਾਂ ਨੂੰ ਵਿਭਾਗ ਦੀ ਸਥਿਤੀ ਵੇਖ ਕੇ ਬਹੁਤ ਹੈਰਾਨੀ ਹੋਈ ਕਿ ਇੱਥੇ ਵੱਡੀ ਗਿਣਤੀ ਵਿੱਚ ਸਪੈਸ਼ਲਿਸਟ ਡਾਕਟਰਾਂ, ਮੈਡੀਕਲ ਅਫ਼ਸਰਾਂ, ਏ.ਐਨ.ਐਮਜ਼. ਅਤੇ ਪੈਰਾਮੈਡੀਕਲ ਸਟਾਫ਼ ਦੀ ਕਮੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਤਵੱਜੋਂ ਦਿੱਤੀ ਗਈ ਅਤੇ ਉਹ ਅੱਜ ਮੈਡੀਕਲ ਅਫ਼ਸਰਾਂ ਦੇ ਆਉਣ ‘ਤੇ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਡਾਕਟਰ ਸੂਬੇ ਦੇ ਲੋਕਾਂ ਨੂੰ ਮਿਸ਼ਨਰੀ ਭਾਵਨਾ ਦੇ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿਆਰ ਹਨ ਜਿਸ ਨਾਲ ਸੂਬੇ ਦੇ ਗਰੀਬ ਤੇ ਦੱਬੇ-ਕੁਚਲੇ ਲੋਕਾਂ ਦੇ ਦੁੱਖ ਦਰਦ ਦੂਰ ਹੋਣਗੇ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪਰਖਕਾਲ ਸਮੇਂ ਦੌਰਾਨ ਬੇਸਿਕ ਸੈਲਰੀ ਮਿਲਣ ਕਾਰਨ ਪਹਿਲਾਂ ਇਹ ਡਾਕਟਰ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਕੰਨੀ ਕਤਰਾਉਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਇਸ ਤਰ੍ਹਾਂ ਦੇ ਹੈਰਾਨੀਜਨਕ ਫੈਸਲਿਆਂ ਕਾਰਨ ਕੋਈ ਵੀ ਡਾਕਟਰ ਬੇਸਿਕ ਸੈਲਰੀ ‘ਤੇ ਸਰਕਾਰੀ ਨੌਕਰੀ ਕਰਨ ਦਾ ਚਾਹਵਾਨ ਨਹੀਂ ਸੀ। ਜਿਸ ਉਪਰੰਤ ਉਨ੍ਹਾਂ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਇਸ ਸਬੰਧੀ ਵਿੱਤ ਮੰਤਰੀ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਹੁਣ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਡਾਕਟਰ ਪੂਰੀ ਤਨਖ਼ਾਹ ‘ਤੇ ਭਰਤੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਅਗਲੇ ਪੜ੍ਹਾਅ ਵਿੱਚ ਸਪੈਸ਼ਲਿਸਟ ਡਾਕਟਰਾਂ ਨੂੰ ਭਰਤੀ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵੱਲੋਂ ਇਹ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਸਪੈਸ਼ਲਿਸਟ ਡਾਕਟਰ ਸਿਹਤ ਵਿਭਾਗ ਵਿੱਚ ਭਰਤੀ ਕਰ ਲਏ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਨਵੇਂ ਭਰਤੀ ਡਾਕਟਰਾਂ ਦੀ ਸੂਚੀ ਉਨ੍ਹਾਂ ਦੇ ਰਿਹਾਇਸ਼ੀ ਪਤੇ ਅਨੁਸਾਰ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇੱਥੇ ਘੋਸ਼ਣਾ ਵੀ ਕੀਤੀ ਕਿ ਸਾਰੇ ਡਾਕਟਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਬੰਧਤ ਰਿਹਾਇਸ਼ੀ ਇਲਾਕੇ ਦੇ ਨਾਲ ਲੱਗਦੇ ਹਸਪਤਾਲ ਜਾਂ ਡਿਸਪੈਂਸਰੀ ਵਿਖੇ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ”ਮੈਂ ਨਹੀਂ ਚਾਹੁੰਦਾ ਕਿ ਮੇਰੇ ਉੱਤੇ ਤਬਾਦਲਿਆਂ ਲਈ ਕਿਸੇ ਵੀ ਤਰੀਕੇ ਦਾ ਦਬਾਅ ਬਣੇ ਜਿਸ ਲਈ ਮੈਂ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਡਾਕਟਰਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਉਹ ਕੁਸ਼ਲਤਾਪੂਰਵਕ ਅਤੇ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।”
ਹੋਰਨਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਅਮਰਦੀਪ ਸਿੰਘ ਚੀਮਾ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਜਸਪਾਲ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਡਾ. ਨਰੇਸ਼ ਕਾਂਸਰਾ, ਡਾਇਰੈਕਟਰ ਪਰਿਵਾਰ ਭਲਾਈ, ਡਾ. ਆਰ.ਪੀ. ਭਾਟੀਆ, ਪ੍ਰਿੰਸੀਪਲ, ਸਟੇਟ ਇੰਸਟੀਚਿਊਟ ਆਫ਼ ਸਿਹਤ ਅਤੇ ਪਰਿਵਾਰ ਭਲਾਈ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।