ਰਾਹੁਲ ਗਾਂਧੀ ਨੂੰ ਮਿਲੇ ਕੈਪਟਨ, ਅਹਿਮ ਮੁੱਦਿਆਂ ‘ਤੇ ਹੋਈ ਚਰਚਾ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਇਸ ਮੁਲਾਕਾਤ ‘ਚ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨਾਲ ਸਰਕਾਰ ਦੇ ਕੰਮਕਾਜ ਸਬੰਧੀ ਚਰਚਾ ਕੀਤੀ। ਇਸ ਤੋਂ ਇਲਾਵਾ ਸੂਬੇ ਦੇ ਸਿਆਸੀ ਹਾਲਾਤ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਟੀਚਾ ਸਾਲ 2019 ‘ਚ ਲੋਕ ਸਭਾ ਦੀਆਂ 13 ਸੀਟਾਂ ਜਿੱਤਣਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਪਸੰਦ ਗੁਰਦਾਸਪੁਰ ਲੋਕ ਸਭਾ ਸੀਟ ਹੈ ਅਤੇ ਬਾਕੀ ਫੈਸਲਾ ਪਾਰਟੀ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਬਾਰੇ ਜੋ ਵੀ ਫੈਸਲਾ ਲਵੇਗੀ, ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨਾਲ ਸੂਬੇ ਦੇ ਕੁਝ ਮਸਲਿਆਂ ਬਾਰੇ ਵਿਚਾਰ ਕਰਨੀ ਸੀ ਪਰ ਰਾਹੁਲ ਗਾਂਧੀ ਦੇ ਚੋਣ ਰੁਝੇਵਿਆਂ ਕਾਰਨ ਮੀਟਿੰਗ ਨਹੀਂ ਹੋ ਸਕੀ ਪਰ ਹੁਣ ਕੈਪਟਨ ਵਲੋਂ ਸਾਰੇ ਮੁੱਦਿਆਂ ‘ਤੇ ਰਾਹੁਲ ਗਾਂਧੀ ਨਾਲ ਵਿਚਾਰ-ਵਟਾਂਦਰਾ ਕਰ ਲਿਆ ਗਿਆ ਹੈ।