ਚੰਡੀਗੜ – ਆਮ ਆਦਮੀ ਪਾਰਟੀ ਨੇ ਸਰਕਾਰ ਦੁਆਰਾ ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਯਾਤਰਾ ਲਈ ਕਰਤਾਰਪੁਰ ਕੋਰੀਡੋਰ ਖੋਲੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪਾਰਟੀ ਵੱਲੋਂ ਜਾਰੀ ਸਾਂਝੇ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਮੁੱਖ ਬੁਲਾਰੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਸਿੱਖ ਸੰਗਤਾਂ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਵਿਸ਼ਵ ਦੇ ਗੁਰੂ ਹਨ ਅਤੇ ਉਨਾਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਹੈਰੀਟੇਜ ਸ਼ਹਿਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਦੇਸ਼ ਦੀ ਵੰਡ ਪਿੱਛੋਂ ਸਿੱਖ ਧਰਮ ਨਾਲ ਸੰਬੰਧਿਤ ਅਨੇਕਾਂ ਅਸਥਾਨ ਪਾਕਿਸਤਾਨ ਵੱਲ ਚਲੇ ਗਏ ਸਨ ਜਿਨਾਂ ਦੇ ਦਰਸ਼ਨ ਕਰਨ ਲਈ ਸੰਗਤ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕੇਂਦਰ ਸਰਕਾਰ ਤੋਂ ਤਾਕੀਦ ਕੀਤੀ ਕਿ ਪਾਕਿਸਤਾਨ ਸਥਿਤ ਇਨਾਂ ਅਸਥਾਨਾਂ ਦੇ ਦਰਸ਼ਨਾਂ ਲਈ ਵੀਜ਼ਾ ਨਿਯਮਾਂ ਵਿਚ ਢਿੱਲ ਦਿੱਤੀ ਜਾਣੀ ਚਾਹੀਦੀ ਹੈ। ਭਾਰਤ ਸਰਕਾਰ ਤੋਂ ਮੰਗ ਕਰਦਿਆਂ ਉਨਾਂ ਕਿਹਾ ਕਿ ਸਿਰਫ਼ ਦਰਸ਼ਨ ਕਰਨ ਦੇ ਮੰਤਵ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਅੰਮਿ੍ਰਤਸਰ ਵਿਖੇ ਵਿਦੇਸ਼ ਮੰਤਰਾਲੇ ਦਾ ਦਫ਼ਤਰ ਖੋਲਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਖੱਜਲ ਖ਼ੁਆਰੀ ਤੋਂ ਬਚ ਸਕੇ।