ਹਰਬੰਸ ਜਲਾਲ ਤੇ ਜਸਕਰਨ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਐਸਆਈਟੀ ਕੋਲ ਦਰਜ ਕਰਵਾਏ ਬਿਆਨ

ਬਾਦਲਾਂ, ਸੁਮੇਧ ਸੈਣੀ ਤੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ਼ ਹੱਤਿਆ ਦਾ ਪਰਚਾ ਦਰਜ ਕਰਨ ਦੀ ਕੀਤੀ ਮੰਗ
ਫਰੀਦਕੋਟ : ਕੈਪਟਨ ਸਰਕਾਰ ਵਲੋਂ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ਨੇ ਦੋ ਅਹਿਮ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਉਹ ਸ਼ਖ਼ਸ ਹੈ ਜੋ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਸੁਖਬੀਰ ਬਾਦਲ ਦੀ ਮੁੰਬਈ ਵਿੱਚ ਮੀਟਿੰਗ ਹੋਣ ਦਾ ਦਾਅਵਾ ਕਰਦਾ ਹੈ। ਫ਼ਰੀਦਕੋਟ ਦੇ ਕੈਂਪ ਆਫ਼ਿਸ ਵਿੱਚ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੇ ਬਿਆਨ ਕਲਮਬੱਧ ਕੀਤੇ ਹਨ। ਜਲਾਲ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਅਕਸ਼ੈ ਕੁਮਾਰ ਦੀ ਰਿਹਾਇਸ਼ ‘ਤੇ ਸੁਖਬੀਰ ਬਾਦਲ ਤੇ ਰਾਮ ਰਹੀਮ ਦੀ ਮੁਲਾਕਾਤ ਦੇ ਠੋਸ ਸਬੂਤ ਮੌਜੂਦ ਹਨ। ਉਨ੍ਹਾਂ ਕਿਹਾ ਕਿ ਬਾਦਲਾਂ, ਸੁਮੇਧ ਸੈਣੀ ਅਤੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਹੱਤਿਆ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਕੋਲੋਂ ਬੇਅਦਬੀ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਸੀ।