ਜਲੰਧਰ — ਸਾਬਕਾ ਕੈਬਨਿਟ ਮੰਤਰੀ ਬਿਕਰਮ ਜੀਤ ਸਿੰਘ ਮਜੀਠੀਆ ਨੇ ਅੱਜ ਜਲੰਧਰ ‘ਚ ਦੋਆਬਾ ਦੇ ਅਕਾਲੀ ਦਲ ਦੇ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ‘ਚ ਉਨ੍ਹਾਂ ਨੇ 5 ਦਸੰਬਰ ਨੂੰ ਅਕਾਲੀ ਦਲ ਵਲੋਂ ਜਲੰਧਰ ਦੀ ਭੋਗਪੁਰ ਸ਼ੂਗਰ ਮਿੱਲ ਦੇ ਸਾਹਮਣੇ ਧਰਨਾ ਦੇਣ ਦਾ ਫੈਸਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸਨ, ਉਨ੍ਹਾਂ ‘ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਅੱਜ ਵੀ ਖੁਦਕੁਸ਼ੀਆਂ ਕਰ ਰਹੇ ਹਨ। ਕਿਸਾਨਾਂ ਵਲੋਂ ਗੰਨੇ ਦੀ ਫਸਲ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਇਸ ਗੱਲ ਦਾ ਸਬੂਤ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਕਿੰਨੀ ਕੁ ਹਿਤੈਸ਼ੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਜਿੱਤ ਹਾਸਲ ਕਰਨ ਤੋਂ ਬਾਅਦ 10 ਦਿਨਾਂ ਦੇ ਅੰਦਰ-ਅੰਦਰ ਕਿਸਾਨਾਂ ਦਾ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ, ਜੋ ਅੱਜੇ ਤੱਕ ਨਹੀਂ ਹੋਇਆ। ਦੱਸ ਦੇਈਏ ਕਿ ਪੰਜਾਬ ‘ਚ ਗੰਨੇ ਦੀ ਕੀਮਤ ਸਭ ਤੋਂ ਘੱਟ ਦਿੱਤੀ ਜਾ ਰਹੀ ਹੈ। ਸਿੱਧੂ ‘ਤੇ ਨਿਸ਼ਾਨਾ ਸੇਧਦਿਆਂ ਮਜੀਠੀਆ ਦੇ ਕਿਹਾ ਕਿ ਉਨ੍ਹਾਂ ਨੂੰ ਤਾਂ ਆਪਣੇ ਮੁੱਖ ਮੰਤਰੀ ‘ਤੇ ਕੋਈ ਵਿਸ਼ਵਾਸ ਹੀ ਨਹੀਂ, ਉਨ੍ਹਾਂ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।