ਕਮਲਨਾਥ ‘ਤੇ ਨਿਆਂ ਹੋਣਾ ਅਜੇ ਬਾਕੀ ਹੈ : ਫੁਲਕਾ

ਨਵੀਂ ਦਿੱਲੀ — ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਸੁਪਰੀਮ ਕੋਰਟ ਦੇ ਵਕੀਲ ਐੱਚ.ਐੱਸ. ਫੁਲਕਾ ਨੇ ਕਮਲਨਾਥ ਨੂੰ ਲੈ ਕੇ ਬਿਆਨ ਦਿੱਤਾ ਹੈ। ਫੁਲਕਾ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸ ਨੇਤਾ ਕਮਲਨਾਥ ਦੀ ਸ਼ਮੂਲੀਅਤ ਦੇ ਠੋਸ ਸਬੂਤ ਹਨ ਅਤੇ ਉਨ੍ਹਾਂ ਬਾਰੇ ਨਿਆਂ ਹੋਣਾ ਅਜੇ ਵੀ ਬਾਕੀ ਹਨ। ਕਮਲਨਾਥ ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਦੇ ਤੌਰ ‘ਤੇ ਉੱਭਰੇ ਹਨ। ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਉਨ੍ਹਾਂ ਦੇ ਨਾਂ ‘ਤੇ ਮੋਹਰ ਲਾ ਦਿੱਤੀ ਗਈ ਹੈ ਕਿ ਉਹ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ।
ਫੁਲਕਾ ਨੇ ਕਿਹਾ, ”ਕਮਲਨਾਥ ਵਿਰੁੱਧ ਬਹੁਤ ਸਾਰੇ ਸਬੂਤ ਹਨ ਅਤੇ ਉਨ੍ਹਾਂ ਵਿਰੁੱਧ ਨਿਆਂ ਦਾ ਚੱਕਰ ਚਲਣਾ ਅਜੇ ਬਾਕੀ ਹੈ। ਰਾਹੁਲ ਗਾਂਧੀ ਨੇ ਅਜਿਹੇ ਸ਼ਖਸ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲਿਆ, ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਰਿਹਾ ਹੈ। ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਨੇਤਾਵਾਂ ਨੂੰ ਸਜ਼ਾ ਦੇਣ ਦੀ ਬਜਾਏ ਕਾਂਗਰਸ ਨੇ ਉਨ੍ਹਾਂ ਨੂੰ ਹੱਲਾ-ਸ਼ੇਰੀ ਦਿੱਤੀ ਹੈ।”
ਫੁਲਕਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਜੇਕਰ ਰਾਹੁਲ ਗਾਂਧੀ ਇਸ ‘ਤੇ ਸਹਿਮਤ ਨਾ ਹੋਣ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਓਧਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਵੀ ਕਮਲਨਾਥ ‘ਤੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ।