ਫਰੀਦਕੋਟ – ਬਰਗਾੜੀ ਮੋਰਚੇ ‘ਚ ਸ਼ਾਮਲ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਮਾਮਲੇ ਦੇ ਦੋਸ਼ਾਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਰੋਸ ਮਾਰਚ ਕੀਤਾ ਜਾ ਰਿਹਾ ਹੈ। ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ‘ਚ ਇਕੱਠੀਆਂ ਹੋ ਰਹੀਆਂ ਸਿੱਖ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਇਹ ਰੋਸ ਮਾਰਚ ਕੋਟਕਪੂਰਾ ਚੌਕ ‘ਚੋਂ ਬਠਿੰਡਾ ਜਾਵੇਗਾ। ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਚੌਕ ‘ਚੋਂ ਸ਼ੁਰੂ ਹੋਇਆ ਰੋਸ ਮਾਰਚ ਬਠਿੰਡਾ ਤੋਂ ਹੁੰਦਾ ਹੋਇਆ ਸ੍ਰੀ ਦਮਦਮਾ ਸਾਹਿਬ ਜਾ ਕੇ ਖਤਮ ਹੋ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੇ ਖਿਲਾਫ ਸਿੱਖ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਅਕਾਲੀ ਦਲ ਨੂੰ ਵੋਟ ਨਾ ਪਾਉਣ ਦੀ ਸਲਾਹ ਦਿੱਤੀ।
ਜ਼ਿਕਰਯੋਗ ਹੈ ਕਿ ਇਹ ਕੋਟਕਪੂਰਾ ਦਾ ਉਹ ਮੇਨ ਚੌਕ ਹੈ, ਜਿੱਥੇ ਸਿੱਖ ਸੰਗਤਾਂ ‘ਤੇ ਪੁਲਸ ਵਲੋਂ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਸਨ। ਇਸ ਮੌਕੇ ਧਿਆਨ ਸਿੰਘ ਮੰਡ, ਪਰਮਜੀਤ ਸਿੰਘ ਸਹੌਲ਼ੀ, ਅਤੇ ਕੋਟਕਪੂਰਾ ਤੋਂ ਆਮ ਆਦਮੀਂ ਪਾਰਟੀ ਦੇ ਐੱਮ.ਐੱਲ.ਏ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਹੋਏ ਹਨ। ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ, ਜਿਹੜੀ ਗੁਰੂਆਂ ਪੀਰਾਂ ਦੀ ਧਰਤੀ ਮੰਨੀ ਜਾਂਦੀ ਹੈ, ਉਸ ਧਰਤੀ ‘ਤੇ ਕੋਈ ਵੀ ਧਾਰਮਿਕ ਗ੍ਰੰਥ ਸੁਰੱਖਿਅਤ ਨਹੀਂ ਰਿਹਾ ਅਤੇ ਨਾ ਕੋਈ ਇਨਸਾਨ। ਇਥੋ ਦੀਆਂ ਸਰਕਾਰਾਂ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਮਿਲੀ ਭੁਗਤ ਸਦਕਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ 2 ਸਿੱਖ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।