ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਅਪਰਾਧਿਕ ਮਾਮਲਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ. ਬੀ. ਆਈ. ਦੀ ਜਾਂਚ ਦਾ ਸਾਹਮਣਾ ਕਰ ਰਹੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੂੰ ਮਈ ਮਹੀਨੇ ਵਿਚ ਅਮਰੀਕਾ, ਜਰਮਨੀ ਅਤੇ ਸਪੇਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ ਕਾਰਤੀ ਚਿਦਾਂਬਰਮ ਨੂੰ ਵਿਦੇਸ਼ ਯਾਤਰਾ ਲਈ ਪਹਿਲਾਂ ਲਾਈਆਂ ਗਈਆਂ ਸ਼ਰਤਾਂ ਮੁਤਾਬਕ ਹੀ ਜਾਣ ਦੀ ਆਗਿਆ ਦਿੱਤੀ ਜਾਂਦੀ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿਚ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੂੰ ਸੁਪਰੀਮ ਕੋਰਟ ਦੇ ਸੈਕ੍ਰੇਟਰੀ ਜਨਰਲ ਦੇ ਇੱਥੇ 10 ਕਰੋੜ ਰੁਪਏ ਜਮਾਂ ਕਰਾਉਣ ਤੋਂ ਬਾਅਦ ਵਿਦੇਸ਼ ਜਾਣ ਦੀ ਆਗਿਆ ਦਿੱਤੀ ਸੀ।