ਨਵੀਂ ਦਿੱਲੀ : ਚੋਣ ਮੈਦਾਨ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ ਅਤੇ ਹੁਣ ਸਿਰਫ ਆਖਰੀ ਗੇੜ ਦੀਆਂ ਵੋਟਾਂ ਹੀ ਬਾਕੀ ਰਹਿ ਗਈਆਂ ਹਨ। 19 ਮਈ ਨੂੰ ਪੰਜਾਬ ਸਮੇਤ 8 ਸੂਬਿਆਂ ‘ਚ ਆਖਰੀ ਗੇੜ ਲਈ ਵੋਟਾਂ ਪੈਣਗੀਆਂ। ਵੋਟਾਂ ਤੋਂ ਇਕ ਦਿਨ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਅਗਲੀ ਸਰਕਾਰ ਬਣਾਉਣ ਲਈ ਗਠਜੋੜ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦਰਮਿਆਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਤੇਦੇਪਾ) ਦੇ ਨੇਤਾ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕੀਤੀ। ਸਮਝਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੀ ਵੋਟਿੰਗ ਤੋਂ ਪਹਿਲਾਂ ਹੋਈ ਇਸ ਬੈਠਕ ਵਿਚ ਨਾਇਡੂ ਅਤੇ ਰਾਹੁਲ ਗਾਂਧੀ ਨੇ ਭਾਜਪਾ ਵਿਰੋਧੀ ਮੋਰਚਾ ਬਣਾਉਣ ਬਾਰੇ ਸਲਾਹ-ਮਸ਼ਵਰਾ ਕੀਤਾ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੀ ਗਿਣਤੀ 23 ਮਈ ਨੂੰ ਹੋਣੀਆਂ ਹਨ।
ਤੇਦੇਪਾ ਨੇਤਾ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਮਾਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨਾਲ ਵੀ ਮੁਲਾਕਾਤ ਕੀਤੀ ਸੀ। ਨਾਇਡੂ ਦਾ ਅੱਜ ਲਖਨਊ ਜਾਣ ਦੀ ਵੀ ਪ੍ਰੋਗਰਾਮ ਹੈ, ਜਿੱਥੇ ਉਹ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨਾਲ ਮੁਲਾਕਾਤ ਕਰਨਗੇ।