ਕੈਪਟਨ ਨੇ ਮਿਸ਼ਨ ਤੰਦਰੁਸਤ ਪੰਜਾਬ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਈ ਹਰਿਆਲੀ ਐਪ ਲਾਂਚ

ਰੂਪਨਗਰ — ਆਈ. ਆਈ. ਟੀ. ਰੋਪੜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੱਜ ਕਰਵਾਏ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਅਜਿਹਾ ਦਿਨ ਮਨਾ ਰਹੇ ਹਾਂ, ਜੋ ਪੂਰੀ ਦੁਨੀਆ ‘ਚ ਮਨਾਇਆ ਜਾ ਰਿਹਾ ਹੈ। ਅੱਜ ਸਭ ਤੋਂ ਵੱਧ ਲੋੜ ਰੁੱਖਾਂ ਨੂੰ ਸਾਂਭਣ ਦੀ ਹੈ। ਸਾਨੂੰ ਵਾਤਾਵਰਣ ਨੂੰ ਬਚਾਉਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਦੀਆਂ, ਨਾਲਿਆਂ ਦਾ ਪਾਣੀ ਘੱਟ ਰਿਹਾ ਹੈ ਅਤੇ ਪੀਣ ਵਾਲਾ ਪਾਣੀ ਦੂਸ਼ਿਤ ਹੋਣਾ ਇਕ ਚਿੰਤਾ ਦਾ ਵਿਸ਼ਾ ਹੈ। ਜੇਕਰ ਸਾਡਾ ਵਾਤਾਵਰਣ ਠੀਕ ਹੋਵੇਗਾ ਤਾਂ ਸਾਡੀ ਸਿਹਤ ਵੀ ਠੀਕ ਰਹੇਗੀ ‌ ਬੱਚਿਆਂ ਨੂੰ ਫੇਫੜਿਆਂ ਦੀ ਬੀਮਾਰੀ ਲੱਗ ਰਹੀ ਹੈ, ਜੋਕਿ ਵੱਧ ਰਹੇ ਪ੍ਰਦੂਸ਼ਣ ਨਾਲ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੈਕਟਰੀਆਂ ਤੋਂ ਨਿਕਲ ਰਹੇ ਪ੍ਰਦੂਸ਼ਣ ਅਤੇ ਸਖਤੀ ਵਰਤਣੀ ਬੇਹੱਦ ਜ਼ਰੂਰੀ ਹੋ ਗਈ ਹੈ।ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁਖ ਲਗਾਉਣ ਦੀ ਮੰਗ ਕੀਤੀ ਹੈ। ਖੇਤੀਬਾੜੀ ਦੇ ਨਾਲ ਕਿਸਾਨਾਂ ਨੂੰ ਰੁਖ ਵੀ ਲਗਾਉਣ ਦੀ ਜ਼ਰੂਰਤ ਹੈ। ਕੈਪਟਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਗਾਉਣ ਦੀ ਜ਼ਰੂਰਤ ਨਹੀਂ, ਹੁਣ ਸਬਜ਼ੀਆਂ ਲਗਾਉਣ ਦੀ ਲੋੜ ਹੈ। ਪੀਣ ਵਾਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਚਾਹੀਦਾ ਹੈ। ‌
ਇਸ ਮੌਕੇ ਕੈਪਟਨ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਸਿੰਘ ਚੰਨੀ, ਇੰਡਸਟਰੀ ਮੰਤਰੀ ਸ਼ਾਮ ਸੁੰਦਰ ਅਰੋੜਾ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ, ਆਈ. ਆਈ. ਟੀ. ਰੋਪੜ ਦੇ ਡਾਇਰੈਕਟਰ ਐੱਸ. ਕੇ. ਦਾਸ, ਬਾਬਾ ਸੇਵਾ ਸਿੰਘ ਕਾਰਸੇਵਾ ਵਾਲੇ, ਡੀ. ਸੀ. ਡਾਕਟਰ ਸੁਮਿਤ ਜਾਰੰਗਲ, ਐੱਸ. ਐੱਸ. ਪੀ. ਸਵਪਨ ਸ਼ਰਮਾ ਆਦਿ ਮੌਜੂਦ ਸਨ।