ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਨੂੰ ਨਾਮਜ਼ਦ ਕਰਨ ਦੀ ਮੰਗ

ਚੰਡੀਗੜ੍ਹ : ਪੰਜਾਬ ਦੀਆਂ ਵੱਖ-ਵੱਖ ਪੰਥਕ ਧਿਰਾਂ ਦੇ ਸਾਂਝੇ ਵਫਦ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਫਦ ਵਲੋਂ ਜਬਰ-ਜ਼ਨਾਹ ਅਤੇ ਕਤਲ ਦੇ ਕੇਸਾਂ ‘ਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡਾਂ ‘ਚ ਨਾਮਜ਼ਦ ਕਰਨ ਦੀ ਮੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਮੰਗਾਂ ਵੀ ਉੱਠੀਆਂ। ਸੂਤਰਾਂ ਮੁਤਾਬਕ ਮੰਤਰੀ ਨਾਲ ਹੋਈ ਗੱਲਬਾਤ ਤੋਂ ਵਫਦ ਸੰਤੁਸ਼ਟ ਹੈ ਅਤੇ ਸਰਕਾਰ ਵਲੋਂ 8 ਜੁਲਾਈ ਨੂੰ ਮੁੜ ਪੰਥਕ ਧਿਰਾਂ ਨਾਲ ਮੀਟਿੰਗ ਕਰਕੇ ਕੁਝ ਮੁੱਦਿਆਂ ‘ਤੇ ਅੰਤਿਮ ਫੈਸਲੇ ਲੈਣ ਦਾ ਭਰੋਸਾ ਦਿੱਤਾ ਗਿਆ ਹੈ।
ਵਫਦ ‘ਚ ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦਾਅਵਾ ਕੀਤਾ ਕਿ ਮੰਤਰੀ ਨੇ ਵਫਦ ਨੂੰ ਭਰੋਸਾ ਦਿੱਤਾ ਹੈ ਕਿ ਡੇਰਾ ਮੁਖੀ ਨੂੰ ਬੇਅਦਬੀਆਂ ਦੇ ਮਾਮਲੇ ‘ਚ ਨਾਮਜ਼ਦ ਕਰਨ ਲਈ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਫਦ ਨੇ 21 ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕ ਕੇ ਰੋਸ ਪ੍ਰਗਟ ਕੀਤਾ ਕਿ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਵਫਦ ਮੁਤਾਬਕ ਰੰਧਾਵਾ ਨੇ ਸਾਰੀਆਂ ਮੰਗਾਂ ‘ਤੇ ਗੰਭੀਰ ਵਿਚਾਰ ਕਰਨ ਤੋਂ ਬਾਅਦ ਮੰਗਾਂ ‘ਤੇ ਸਮਾਂਬੱਧ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।