ਰੂਪਨਗਰ ‘ਚ ਪਨਬੱਸ ਮੁਲਾਜ਼ਮਾਂ ਵਲੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ

ਰੋਪੜ – ਪਿਛਲੇ ਕਾਫੀ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜ਼ਿਲਾ ਰੂਪਨਗਰ ਦੇ ਪਨਬੱਸ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕਰਕੇ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਰੋਡਵੇਜ਼ ਰੋਪੜ ਦੇ ਡਿਪੂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਜ਼ਮਾਂ ਨੇ ਸੜਕ ਵਿਚਕਾਰ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਆਪਣੀ ਭੜਾਸ ਕੱਢੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਕਿਰਤ ਕਾਨੂੰਨ ਤਹਿਤ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ, ਜਿਸ ਕਰਕੇ ਉਨ੍ਹਾਂ ਨੂੰ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ। ਧਰਨਾ ਲੱਗਣ ‘ਤੇ ਮੌਕੇ ‘ਤੇ ਪੁੱਜੇ ਰੂਪਨਗਰ ਤਹਿਸੀਲਦਾਰ ਨੇ ਧਰਨਾਕਾਰੀਆਂ ਦਾ ਮੰਗ-ਪੱਤਰ ਲੈਂਦੇ ਹੋਏ ਇਸ ਨੂੰ ਖਤਮ ਕਰਨ ਦੀ ਅਪੀਲ ਕੀਤੀ।
ਦੂਜੇ ਪਾਸੇ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਤਪਦੀ ਧੁੱਪ ‘ਚ ਖੜ੍ਹੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੱਸਾਂ ਨਾ ਆਉਣ ਕਾਰਨ ਕਈ ਲੋਕ ਡਿਊਟੀਆਂ, ਸਕੂਲਾਂ ਅਤੇ ਕਾਲਜਾਂ ‘ਚ ਪਹੁੰਚਣ ਲਈ ਲੇਟ ਹੋ ਗਏ। ਜ਼ਿਕਰਯੋਗ ਹੈ ਕਿ ਆਏ ਦਿਨ ਸਰਕਾਰੀ ਮੁਲਾਜ਼ਮਾਂ ਦੀਆਂ ਹੁੰਦੀਆਂ ਹੜਤਾਲਾਂ ਕਾਰਨ ਜਿੱਥੇ ਆਮ ਜਨਤਾ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ, ਉਥੇ ਹੀ ਸਰਕਾਰੀ ਖਜ਼ਾਨੇ ਨੂੰ ਵੀ ਲੱਖਾਂ-ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੜਤਾਲਕਾਰੀਆਂ ਨਾਲ ਗੱਲਬਾਤ ਕਰੇ ਅਤੇ ਉਨ੍ਹਾਂ ਦੇ ਮਸਲਿਆ ਦਾ ਕੋਈ ਢੁੱਕਵਾ ਹੱਲ ਕੱਢੇ।