ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ 22 ਜੁਲਾਈ ਨੂੰ ਦਿੱਤਾ ਜਾਵੇਗਾ ਧਰਨਾ : ਖਹਿਰਾ

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬਿਜਲੀ ਬਹੁਤ ਮਹਿੰਗੀ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਕਾਫੀ ਪਰੇਸ਼ਾਨ ਹਨ। ਇਸ ਦੇ ਖਿਲਾਫ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਪਟਿਆਲਾ ਦੇ ਪੀ.ਐੱਸ.ਪੀ.ਸੀ.ਐੱਲ ਦੇ ਹੈੱਡ ਕੁਆਟਰ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਬੁੱਢਾ ਨਾਲੇ ਲਈ ਵੀ ਸੰਘਰਸ਼ ਵਿੱਢੇਗੀ। ਉਨ੍ਹਾਂ ਕਿਹਾ ਕਿ ਉਹ ਬੁੱਢੇ ਨਾਲੇ ਨੂੰ ਗੋਦ ਲੈਣਗੇ ਤਾਂ ਜੋ ਇਸ ਦੀ ਸਫਾਈ ਹੋ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਨਹਿਰਾਂ ਦਾ ਪਾਣੀ ਟੇਲਾਂ ਤੱਕ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਨਹਿਰਾਂ ‘ਚ ਡਾਕੇ ਮਾਰ ਕੇ ਨਹਿਰਾਂ ‘ਚ ਆਪਣੇ ਮੋਗੇ ਬਹੁਤ ਵੱਡੇ ਕੀਤੇ ਹੋਏ ਹਨ, ਜੋ ਕਿ ਗੈਰ ਕਾਨੂੰਨੀ ਹਨ, ਜਿਸ ਕਾਰਨ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਵੀ ਉਨ੍ਹਾਂ ਵਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।