ਬੈਂਕਰਜ਼ ਕਮੇਟੀ ਦੀ ਬੈਠਕ ਨੇ ਖੋਲ੍ਹੀ ਕੈਪਟਨ ਦੇ ਕਿਸਾਨੀ ਕਰਜ਼ਾ ਮੁਆਫ਼ੀ ਦਾਅਵਿਆਂ ਦੀ ਪੋਲ : ਸੰਧਵਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਰਜ਼ੇ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਕਿਸਾਨਾਂ ਦੀ ਪਿੱਠ ‘ਚ ਛੁਰਾ ਮਾਰਨ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਚੰਡੀਗੜ੍ਹ ‘ਚ ਬੈਂਕਰਜ਼ ਕਮੇਟੀ ਦੀ ਸਮੀਖਿਆ ਬੈਠਕ ‘ਚ ਹੋਏ ਖ਼ੁਲਾਸਿਆਂ ‘ਤੇ ਹੈਰਾਨੀ ਜਤਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਿਆ ਹੈ।
ਉਨ੍ਹਾਂ ਕਿਹਾ ਕਿ ਬੈਂਕਰਜ਼ ਕਮੇਟੀ ਦੀ ਬੈਠਕ ਦੌਰਾਨ ਪਤਾ ਲੱਗਿਆ ਹੈ ਕਿ 10,637 ਕਿਸਾਨਾਂ ਦੇ ਮੁਆਫ਼ ਕੀਤੇ ਗਏ 338 ਕਰੋੜ ਰੁਪਏ ਵੰਡੇ ਹੀ ਨਹੀਂ ਜਾ ਸਕੇ ਅਤੇ ਸਰਕਾਰ ਇਹ ਰਾਸ਼ੀ ਬੈਂਕਾਂ ਤੋਂ ਵਾਪਸ ਲੈ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣਾਂ ਤੋਂ ਪਹਿਲਾਂ ਸੰਪੂਰਨ ਕਰਜ਼ਾ ਮੁਆਫ਼ੀ ਵਾਲੇ ਵਾਅਦੇ ਤੋਂ ਹੀ ਨਹੀਂ ਭੱਜੇ ਸਗੋਂ ਉਨ੍ਹਾਂ ਕਿਸਾਨਾਂ ਪ੍ਰਤੀ ਅਤਿ ਦਰਜੇ ਦੀ ਅਸੰਵੇਦਨਸ਼ੀਲਤਾ ਦਿਖਾਈ ਹੈ। ਮੀਤ ਹੇਅਰ ਨੇ ਕਿਹਾ ਕਿ ਬੈਂਕਾਂ ਵਾਲਿਆਂ ਵਲੋਂ ਪੇਸ਼ ਕੀਤੇ ਅੰਕੜਿਆਂ ਨੇ ਨਾ ਕੇਵਲ ਕੈਪਟਨ ਸਰਕਾਰ ਸਗੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਵੀ ਪੋਲ ਖੋਲ੍ਹੀ ਹੈ, ਕਿਉਂਕਿ 10,637 ਕਿਸਾਨਾਂ ‘ਚੋਂ 6332 ਕਿਸਾਨਾਂ ਦੇ ਬੈਂਕ ਖਾਤੇ ਹੀ ਨਹੀਂ ਹਨ, ਜਦਕਿ ਮੋਦੀ ਸਰਕਾਰ ਹਰੇਕ ਨਾਗਰਿਕ ਦਾ ਬੈਂਕ ਖਾਤੇ ਖੋਲ੍ਹਣ ਦੇ ਦਾਅਵੇ ਅਤੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖ਼ਰਚ ਕਰ ਚੁੱਕੀ ਹੈ।
ਮੀਤ ਹੇਅਰ, ਦਲਬੀਰ ਸਿੰਘ ਢਿਲੋਂ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਖ਼ੁਲਾਸੇ ਨੇ ਕੈਪਟਨ ਸਰਕਾਰ ਦੇ ਕਰਜ਼ਾ ਮੁਆਫ਼ ਕਰਨ ਵਾਲੇ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਰਜ਼ਾ ਮੁਆਫ਼ੀ ਦਾ ਜੋ ਥੋੜ੍ਹਾ ਬਹੁਤ ਲਾਭ ਦਿੱਤਾ ਗਿਆ ਹੈ, ਉਹ ਸਿਆਸੀ ਰਸੂਖਦਾਰਾਂ ਅਤੇ ਸੱਤਾਧਾਰੀ ਕਾਂਗਰਸੀਆਂ ਜਾਂ ਅਕਾਲੀਆਂ ਨੂੰ ਹੀ ਮਿਲਿਆ ਹੈ, ਜਿਨ੍ਹਾਂ ‘ਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਮਾਤਾ ਜੀ ਦਾ ਨਾਮ ਵੀ ਗੂੰਜਿਆ ਸੀ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਮੁਤਾਬਿਕ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕਰੇ ਤੇ ਇਨ੍ਹਾਂ 10637 ਅਣਪਛਾਤੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਵਾਲੇ ਅਫ਼ਸਰਾਂ, ਕਰਮਚਾਰੀਆਂ ਅਤੇ ਸਬੰਧਤ ਸਿਆਸੀ ਆਗੂਆਂ ‘ਤੇ ਸਖ਼ਤ ਕਾਰਵਾਈ ਕਰੇ।