
ਵਾਰਾਣਸੀ— ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਰਿਤੀ ਇਰਾਨੀ ਨੇ ਹਾਥਰਸ ਸਮੂਹਕ ਜਬਰ ਜ਼ਿਨਾਹ ਨੂੰ ਲੈ ਕੇ ਹੋ ਰਹੀ ਸਿਆਸਤ ਦੀ ਨਿੰਦਾ ਕੀਤੀ ਹੈ। ਉਨ੍ਹਾਂ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਨੇ ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਗਠਿਤ ਕਰ ਦਿੱਤੀ ਹੈ ਅਤੇ ਜਾਂਚ ਰਿਪੋਰਟ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਰਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਐੱਸ. ਆਈ. ਟੀ. ਦਾ ਗਠਨ ਕੀਤਾ ਹੈ ਅਤੇ ਸ਼ੁਰੂਆਤੀ ਰਿਪੋਰਟ ‘ਤੇ ਹਾਥਰਸ ਦੇ ਪੁਲਸ ਅਧਿਕਾਰੀ ਨੂੰ ਮੁਅੱਤਲ ਵੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਸਖਤ ਕਦਮ ਚੁੱਕਣਗੇ ਅਤੇ ਹਾਥਰਸ ਘਟਨਾ ਦੀ ਪੀੜਤਾ ਨੂੰ ਇਨਸਾਫ਼ ਜ਼ਰੂਰ ਮਿਲੇਗਾ।
ਸਮਰਿਤੀ ਨੇ ਕਿਹਾ ਕਿ ਰਾਹੁਲ ਗਾਂਧੀ ਪੀੜਤਾ ਦੇ ਇਨਸਾਫ਼ ਲਈ ਨਹੀਂ ਸਗੋਂ ਸਿਆਸਤ ਲਈ ਹਾਥਰਸ ਜਾ ਰਹੇ ਹਨ। ਜਨਤਾ ਕਾਂਗਰਸ ਤੋਂ ਵਾਕਿਫ਼ ਹੈ, ਇਸ ਲਈ ਜਨਤਾ ਨੇ 2019 ਵਿਚ ਭਾਜਪਾ ਨੂੰ ਇਤਿਹਾਸਕ ਜਿੱਤ ਦਿਵਾਈ। ਇਰਾਨੀ ਨੇ ਅੱਗੇ ਕਿਹਾ ਕਿ ਸਾਲ 2013 ਵਿਚ ਨਿਰਭਿਆ ਫੰਡ ਬਣ ਜਾਣ ਤੋਂ ਬਾਅਦ ਸਾਬਕਾ ਕਾਂਗਰਸੀ ਸਰਕਾਰ ਦੇ ਕਾਰਜਕਾਲ ਵਿਚ ਸੂਬਾ ਸਰਕਾਰਾਂ ਨੂੰ ਇਕ ਵੀ ਪੈਸਾ ਨਹੀਂ ਦਿੱਤਾ ਗਿਆ। ਜਦਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਿਰਭਿਆ ਫੰਡ ਤਹਿਤ ਸੂਬਿਆਂ ਨੂੰ 9,000 ਕਰੋੜ ਤੋਂ ਵਧੇਰੇ ਦੀ ਰਾਸ਼ੀ ਜਾਰੀ ਕੀਤੀ। ਇਸ ਤੋਂ ਇਲਾਵਾ ਬੀਬੀਆਂ ਦੀ ਸੁਰੱਖਿਆ ਅਤੇ ਪੀੜਤਾਵਾਂ ਨੂੰ ਤੁਰੰਤ ਮਦਦ ਲਈ 2017 ਵਿਚ ਵਨ ਸਟੌਪ ਕ੍ਰਾਈਸਿਸ ਅਤੇ ਮਨੁੱਖੀ ਤਸਕਰੀ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿਚ ਇਕਾਈਆਂ ਦਾ ਗਠਨ ਕੀਤਾ ਗਿਆ।
News Credit :jagbani(punjabkesari)