ਕਿਸਾਨ ਅੰਦੋਲਨ: ਦਿੱਲੀ ਬਾਰਡਰ ‘ਤੇ ਚੱਲ ਰਹੀ ਕਿਸਾਨਾਂ ਦੀ ਬੈਠਕ ਖ਼ਤਮ, ਲਿਆ ਗਿਆ ਇਹ ਫ਼ੈਸਲਾ

Image Courtesy :jagbani(punjabkesari)

ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਪੰਜਾਬ ਤੋਂ ਆਏ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰਾਂ ‘ਤੇ ਡੇਰੇ ਲਾਏ ਹੋਏ ਹਨ। ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਅੱਗੇ ਦੀ ਰਣਨੀਤੀ ਨੂੰ ਲੈ ਕੇ ਬੈਠਕ ਕੀਤੀ ਸੀ, ਜੋ ਕਿ ਖਤਮ ਹੋ ਗਈ ਹੈ। ਇਸ ਬੈਠਕ ‘ਚ ਕਿਸਾਨਾਂ ਨੇ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਦਰਅਸਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਕਰਨ ਲਈ ਰਾਸ਼ਟਰੀ ਰਾਜਧਾਨੀ ਦੇ ਬੁਰਾੜੀ ਮੈਦਾਨ ‘ਚ ਚੱਲੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤੈਅ ਥਾਂ ‘ਤੇ ਜਾਂਦੇ ਹੀ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ, ਤਾਂ ਇਕ ਮੁੱਦੇ ਦਾ ਛੇਤੀ ਤੋਂ ਛੇਤੀ ਹੱਲ ਹੋਣ ਦਾ ਰਾਹ ਨਿਕਲ ਸਕੇ।
ਦੱਸ ਦੇਈਏ ਇਕ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਆਪਣੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਕਿਸਾਨ ਜਿੱਦ ‘ਤੇ ਅੜੇ ਹਨ ਕਿ ਜਦੋਂ ਤੱਕ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਦਿੱਲੀ ਚਲੋ ਅੰਦਲੋਨ ‘ਚ ਹਿੱਸਾ ਲੈਣ ਵਾਲੇ ਕਿਸਾਨ ਆਪਣੇ ਨਾਲ 6 ਮਹੀਨਿਆਂ ਦਾ ਰਾਸ਼ਨ ਪਾਣੀ ਲੈ ਕੇ ਆਏ ਹਨ।
News Credit :jagbani(punjabkesari)