ਕਿਸਾਨੀ ਮੁੱਦੇ ‘ਤੇ ਅਮਿਤ ਸ਼ਾਹ ਨਾਲ ਬੈਠਕ ਮਗਰੋਂ ‘ਕੈਪਟਨ’ ਨੇ ਮੀਡੀਆ ਨੂੰ ਦਿੱਤਾ ਬਿਆਨ, ਜਾਣੋ ਕੀ ਬੋਲੇ

Image Courtesy :jagbani(punjabkesari)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨੀ ਮੁੱਦੇ ‘ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਖ਼ਤਮ ਹੋਣ ਮਗਰੋਂ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਾਵਧਾਨ ਕੀਤਾ ਹੈ ਕਿ ਜੇਕਰ ਖੇਤੀ ਕਾਨੂੰਨਾਂ ਬਾਰੇ ਰੇੜਕੇ ਦਾ ਜਲਦ ਕੋਈ ਹੱਲ ਨਾ ਨਿਕਲਿਆ ਤਾਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ।
ਕੈਪਟਨ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਦੀ ਆਰਥਿਕਤਾ ਅਤੇ ਦੇਸ਼ ਦੀ ਸੁਰੱਖਿਆ ਪ੍ਰਭਾਵਿਤ ਹੋ ਰਹੀ ਹੈ, ਇਸ ਲਈ ਇਸ ਮਸਲੇ ਦਾ ਜਲਦੀ ਤੋਂ ਜਲਦੀ ਕੋਈ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਕੇਂਦਰ ਵਿਚਕਾਰ ਚਰਚਾ ਚੱਲ ਰਹੀ ਹੈ ਅਤੇ ਉਨ੍ਹਾਂ ਕੋਲ ਵੀ ਇਸ ਦਾ ਕੋਈ ਹੱਲ ਨਹੀਂ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਬੈਠਕ ‘ਚ ਆਪਣਾ ਵਿਰੋਧ ਦੁਹਰਾਇਆ ਹੈ ਅਤੇ ਉਨ੍ਹਾਂ ਨੂੰ ਇਸ ਮੁੱਦੇ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਅਸਲ ‘ਚ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਕੈਪਟਨ ਨੇ ਅੰਦੋਲਨ ਲੰਬਾ ਚੱਲਣ ਨਾਲ ਨਿਕਲਣ ਵਾਲੇ ਸਿੱਟਿਆਂ ਬਾਰੇ ਵੀ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਅਤੇ ਇਸ ਦਾ ਜਲਦ ਹੱਲ ਕੱਢਣ ਦੀ ਅਪੀਲ ਕੀਤੀ।
ਕੈਪਟਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀ ਐਮ. ਐਸ. ਪੀ. ਦੀ ਰਾਖੀ ਕਰਨ ਅਤੇ ਏ. ਪੀ. ਐਮ. ਸੀ. ਆਧਾਰਿਤ ਮੰਡੀ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਲੋੜ ਨੂੰ ਵੀ ਦੁਹਰਾਇਆ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਉਹ ਖੁੱਲ੍ਹੇ ਮਨ ਨਾਲ ਕਿਸਾਨਾਂ ਦੀ ਗੱਲ ਸੁਣਨ ਅਤੇ ਇਸ ਅੜਿੱਕੇ ਨੂੰ ਜਲਦੀ ਹੱਲ ਕਰਨ।
News Credit :jagbani(punjabkesari)