ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਵਪਾਰੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ‘ਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨ ਧਿਰਾਂ, ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਕਰਨਾ ਚਾਹੀਦਾ ਸੀ ਅਤੇ ਲੋਕ ਸਭਾ ਅਤੇ ਰਾਜ ਸਭਾ ‘ਚ ਬਹਿਸ ਹੋਣੀ ਚਾਹੀਦੀ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨ ਕੇ ਅਤੇ ਖੇਤੀ ਨੂੰ ਬਚਾਉਣ ਲਈ ਤੁਰੰਤ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ ‘ਚ ਰਹਿ ਕੇ ਸ਼ਾਂਤੀ ਨਾਲ ਸੰਘਰਸ਼ ਕਰਨ।
ਦੂਜੇ ਪਾਸੇ ਅਦਾਕਾਰਾ ਕੰਗਨਾ ਰਣੌਤ ਵਲੋ ਕਿਸਾਨੀ ਸੰਘਰਸ਼ ‘ਤੇ ਕੀਤੇ ਜਾ ਰਹੇ ਟਵੀਟਸ ਦੀ ਵੀ ਜਥੇਦਾਰ ਨੇ ਨਿੰਦਾ ਕੀਤੀ ਹੈ। ਨਾਲ ਹੀ ਜਥੇਦਾਰ ਨੇ ਕਿਹਾ ਕਿ ਸਾਡੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਹੈ ਕਿ ਕਿਸਾਨ ਆਪਣੇ ਸੰਘਰਸ਼ ਵਿਚ ਜਲਦ ਜਿੱਤ ਪ੍ਰਾਪਤ ਕਰਨ ਅਤੇ ਆਪੋ-ਆਪਣੇ ਘਰਾਂ ਨੂੰ ਪਰਤਣ।
News Credit :jagbani(punjabkesari)