ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨ, ਜਾਨਾਂ ਗਵਾਉਣ ਵਾਲਿਆਂ ਦੀ ਯਾਦ ’ਚ ਅੱਜ ‘ਸ਼ਰਧਾਂਜਲੀ ਦਿਵਸ’

ਨਵੀਂ ਦਿੱਲੀ— ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਐਤਵਾਰ ਨੂੰ 25ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਹੋਏ ਹਨ। ਦਿੱਲੀ ’ਚ ਧਰਨੇ ਪ੍ਰਦਰਸ਼ਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਦੇਸ਼ ਭਰ ਵਿਚ ਅੱਜ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਿਤ ਕਰ ਕੇ ਸ਼ਰਧਾਂਜਲੀ ਦਿੱਤੀ ਜਾਵੇਗੀ। ਆਲ ਇੰਡੀਆ ਕਿਸਾਨ ਸਭਾ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਤੋਂ ਜਾਰੀ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲੈਣ ਵਾਲੇ 33 ਕਿਸਾਨਾਂ ਦੀ ਮੌਤ ਹਾਦਸਿਆਂ, ਬੀਮਾਰੀ ਅਤੇ ਠੰਡ ਦੇ ਮੌਸਮ ਦੀ ਵਜ੍ਹਾ ਕਰ ਕੇ ਹੋਈ ਹੈ।
ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਹਿੱਸਿਆਂ ’ਚ ‘ਸ਼ਰਧਾਂਜਲੀ ਦਿਵਸ’ ਮਨਾਇਆ ਜਾਵੇਗਾ। ਉੱਥੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣਾ ਅਗਲਾ ਕਦਮ ਦੋ-ਤਿੰਨ ਦਿਨਾਂ ਵਿਚ ਤੈਅ ਕਰਨਗੇ।
ਕਿਸਾਨ ਨੇਤਾ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਰਣਨੀਤੀ ਤੈਅ ਕਰਨ ਲਈ ਯੂਨੀਅਨਾਂ ਵਿਚਾਲੇ ਮੌਜੂਦਾ ਸਮੇਂ ਵਿਚ ਚਰਚਾ ਚੱਲ ਰਹੀ ਹੈ। ਕੱਕਾ ਨੇ ਕਿਹਾ ਕਿ ਸਾਡੀਆਂ ਬੈਠਕਾਂ ਅਗਲੇ ਕਦਮ ਲਈ ਹੋ ਰਹੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਦੋ-ਤਿੰਨ ਦਿਨਾਂ ਵਿਚ ਇਹ ਸਪੱਸ਼ਟ ਹੋਵੇਗਾ ਕਿ ਸਾਨੂੰ ਅਦਾਲਤ ਵਲੋਂ ਸੁਝਾਈ ਗਈ ਕਮੇਟੀ ਦਾ ਹਿੱਸਾ ਹੋਣਾ ਚਾਹੀਦਾ ਹੈ ਜਾਂ ਨਹੀਂ। ਇਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨ ਉਦੋਂ ਤੱਕ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।
ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਲੰਬੀ ਲੜਾਈ ਲਈ ਤਿਆਰ ਹਾਂ। ਅਸੀਂ ਆਪਣੇ ਅਧਿਕਾਰਾਂ ਲਈ ਇੱਥੇ ਆਏ ਹਾਂ। ਅਸੀਂ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਆਪਣਾ ਰੁਖ਼ ਤੈਅ ਕਰਨ ਦੀ ਪ੍ਰਕਿਰਿਆ ਵਿਚ ਹਾਂ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਦੀ ਚੌਖਟ ਤੱਕ ਜਾ ਪੁੱਜਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ। ਨਾਲ ਹੀ ਕੋਰਟ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਰਹੇ ਪਰ ਸੜਕਾਂ ਜਾਮ ਨਾ ਕੀਤੀਆਂ ਜਾਣ, ਕਿਉਂਕਿ ਦੂਜੇ ਲੋਕਾਂ ਦੇ ਅਧਿਕਾਰਾਂ ਦਾ ਵੀ ਧਿਆਨ ਰੱਖਿਆ ਜਾਵੇ।
News Credit :jagbani(punjabkesar)