ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਲੀਮੈਂਟ ’ਚ ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਕੀਤੀ ਬੁਲੰਦ

ਸੰਗਰੂਰ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਾਲ਼ੇ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਭਵਨ ’ਚ ਹੱਥਾਂ ’ਚ ਤਖ਼ਤੀਆਂ ਫੜ੍ਹ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ। ਮੈਂਬਰ ਪਾਰਲੀਮੈਂਟ ਭਗਵੰਤ ਮਾਨ ਤੇ ‘ਆਪ’ ਆਗੂ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੰਸਦਾਂ ਦੀ ਮੌਜੂਦਗੀ ’ਚ ਕਾਲ਼ੇ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਨੂੰ ਤਰੁੰਤ ਰੱਦ ਕਰਨ ਦੀ ਮੰਗ ਕੀਤੀ।ਦੱਸਣਯੋਗ ਹੈ ਕਿ ਸ਼ੁੱਕਰਵਾਰ ਨੁੰ ਸੰਸਦ ਭਵਨ ’ਚ ਹਿੰਦੂਤਵ ਦੇ ਆਦਰਸ਼ ਮਦਨ ਮੋਹਨ ਮਾਲਵੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ
ਮੌਜੂਦਗੀ ’ਚ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਕਿਸਾਨਾਂ ਦੇ ਹੱਕ ’ਚ ਅਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਮੋਦੀ ਸਰਕਾਰ ਨੂੰ ਇਨ੍ਹਾਂ ਕਿਸਾਨ ਵਿਰੋਧੀ ਕਾਲ਼ੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਹਾ।
ਸੰਗਰੂਰ ਤੋਂ ‘ਆਪ’ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਸਾਰ ਲੈਣ, ਜਿਹੜੇ ਦਿੱਲੀ ’ਚ ਲੱਖਾਂ ਦੀ ਗਿਣਤੀ ’ਚ ਹੱਡ ਚੀਰਵੀਂ ਠੰਡ ਦੌਰਾਨ ਧਰਨੇ ’ਤੇ ਬੈਠੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਮੋਦੀ ਸਰਕਾਰ ਕਿਉਂ ਧੱਕੇ ਨਾਲ ਕਿਸਾਨਾਂ ’ਤੇ ਇਹ ਕਾਨੂੰਨ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਅੜੀਅਲ ਰਵੱਈਏ ਨੂੰ ਛੱਡ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
News Credit :jagbani(punjabkesari)