ਪੁਣੇ — ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਜਨਵਰੀ ਅਖ਼ੀਰ ਤੱਕ ਮਨਜ਼ੂਰ ਨਾ ਕੀਤੇ ਜਾਣ ’ਤੇ ਭੁੱਖ-ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ ’ਚ ਅੰਨਾ ਹਜ਼ਾਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਲਈ ਪਿਛਲੇ 3 ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ।
ਹਜ਼ਾਰੇ ਨੇ ਕਿਹਾ ਕਿ ਸਰਕਾਰ ਸਿਰਫ ਖੋਖਲੇ ਵਾਅਦੇ ਕਰਦੀ ਹੈ, ਇਸ ਲਈ ਮੈਨੂੰ ਉਸ ’ਤੇ ਹੁਣ ਕੋਈ ਭਰੋਸਾ ਨਹੀਂ ਹੈ। ਵੇਖਦੇ ਹਾਂ ਸਰਕਾਰ ਮੇਰੀਆਂ ਮੰਗਾਂ ’ਤੇ ਕੀ ਕਦਮ ਚੁੱਕਦੀ ਹੈ। ਉਨ੍ਹਾਂ ਨੇ ਇਕ ਮਹੀਨੇ ਦਾ ਸਮਾਂ ਮੰਗਿਆ ਹੈ ਅਤੇ ਮੈਂ ਉਨ੍ਹਾਂ ਨੂੰ ਜਨਵਰੀ ਅਖ਼ੀਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਮੇਰੀਆਂ ਮੰਗਾਂ ਪੂਰੀਆਂ ਨਾ ਹੋਈਆਂ, ਮੈਂ ਫਿਰ ਭੁੱਖ-ਹੜਤਾਲ ਕਰਾਂਗਾ। ਇਹ ਮੇਰਾ ਆਖ਼ਰੀ ਪ੍ਰਦਰਸ਼ਨ ਹੋਵੇਗਾ।
ਅੰਨਾ ਹਜ਼ਾਰੇ ਨੇ 14 ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਚਿਤਾਵਨੀ ਦਿੱਤੀ ਸੀ ਕਿ ਐੱਮ. ਐੱਸ. ਸਵਾਮੀਨਾਥਨ ਕਮੇਟੀ ਦੀ ਸਿਫਾਰਸ਼ਾਂ ਨੂੰ ਲਾਗੂ ਕਰਨ ਅਤੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ. ਏ. ਸੀ. ਪੀ.) ਨੂੰ ਖ਼ੁਦਮੁਖਤਿਆਰੀ ਪ੍ਰਦਾਨ ਕਰਨ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਤਾਂ ਉਹ ਭੁੱਖ-ਹੜਤਾਲ ਕਰਨਗੇ। ਦੱਸ ਦੇਈਏ ਕਿ ਹਜ਼ਾਰੇ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਭਾਰਤ ਬੰਦ’ ਦੇ ਸਮਥਨ ’ਚ ਵਰਤ ਰੱਖਿਆ ਸੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਸਤੰਬਰ ’ਚ ਪਾਸ ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਜਿੱਥੇ ਖੇਤੀਬਾੜੀ ਖੇਤਰ ਵਿਚ ਵੱਡੇ ਸੁਧਾਰ ਦੇ ਤੌਰ ’ਤੇ ਪੇਸ਼ ਕਰ ਰਹੀ ਹੈ, ਉੱਥੇ ਹੀ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਖ਼ਦਸ਼ਾ ਜਤਾਇਆ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਅਤੇ ਮੰਡੀ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ ਕਾਰਪੋਰੇਟ ਘਰਾਣਿਆਂ ’ਤੇ ਨਿਰਭਰ ਹੋ ਜਾਣਗੇ। ਕਿਸਾਨ ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਇਕ ਮਹੀਨੇ ਤੋਂ ਵਧੇਰੇ ਸਮੇਂ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
News Credit :jagbani(punjabkesari)